ਨੈਸ਼ਨਲ – ਪੰਜਾਬ ਤੋਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸੰਸਦ ਦੇ ਚੱਲ ਰਹੇ ਬਜਟ ਸ਼ੈਸ਼ਨ ਦੌਰਾਨ ਕਿਸਾਨਾਂ ਦਾ ਮੁੱਦਾ ਚੁੱਕਿਆ। ਸੀਚੇਵਾਲ ਨੇ ਸੰਸਦ ਵਿਚ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਦਾ ਕਰਜ਼ ਮੁਆਫ਼ ਹੋਣਾ ਚਾਹੀਦਾ ਹੈ। ਕੇਂਦਰ ਸਰਕਾਰ ਨੂੰ ਕਿਸਾਨਾਂ ਬਾਰੇ ਵੀ ਸੋਚਣਾ ਚਾਹੀਦਾ ਹੈ, ਉਨ੍ਹਾਂ ਦੀ ਆਮਦਨੀ ਨੂੰ ਵਧਾਉਣਾ ਚਾਹੀਦਾ ਹੈ। ਦਰਅਸਲ ਕੇਂਦਰ ਸਰਕਾਰ ਵਲੋਂ ਸੰਸਦ ਮੈਂਬਰਾਂ ਦੀ ਤਨਖ਼ਾਹ ਵਿਚ 24 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸੀਚੇਵਾਲ ਨੇ ਕਿਸਾਨਾਂ ਦੀ ਆਮਦਨੀ ਦਾ ਮੁੱਦਾ ਚੁੱਕਿਆ।
ਸੀਚੇਵਾਲ ਨੇ ਕਿਹਾ ਕਿ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ ਪਰ ਉਸ ਦੀ ਆਦਮਨੀ ਓਨੀਂ ਨਹੀਂ ਹੈ, ਜਿੰਨੀ ਹੋਣੀ ਚਾਹੀਦੀ ਹੈ। ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਸਰਕਾਰ ਵਲੋਂ ਕਿਸਾਨਾਂ ਨਾਲ 2022 ਵਿਚ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ। ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਹੋਈ। ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਸਿਰ 3 ਲੱਖ 73 ਹਜ਼ਾਰ ਕਰੋੜ ਦਾ ਕਰਜ਼ਾ ਹੈ। ਪੰਜਾਬ ਦੀ ਆਬਾਦੀ 3 ਕਰੋੜ 20 ਲੱਖ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਮਜ਼ਦੂਰਾਂ ਦੀ ਹਾਲਤ ਲਗਾਤਾਰ ਤਰਸਯੋਗ ਬਣੀ ਹੋਈ ਹੈ। ਸਰਕਾਰ ਵਲੋਂ ਪੰਜਾਬ ਸਮੇਤ ਦੇਸ਼ ਦੇ ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਬਾਂਹ ਫੜੀ ਜਾਵੇ। ਕਿਸਾਨਾਂ ਅਤੇ ਮਜ਼ਦੂਰਾਂ ਦੇ ਸਿਰ ਚੜ੍ਹੇ ਹਰ ਤਰ੍ਹਾਂ ਦੇ ਕਰਜ਼ੇ ਮੁਆਫ ਕੀਤੇ ਜਾਣ, ਕਿਉਂਕਿ ਕਿਸਾਨ ਬਚਣਗੇ ਤਾਂ ਹੀ ਉਸ ‘ਤੇ ਨਿਰਭਰ ਮਜ਼ਦੂਰ ਬਚਣਗੇ।