Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਨਿਊਜ਼ੀਲੈਂਡ 'ਚ ਨਗਰ ਕੀਰਤਨ ਦੇ ਵਿਰੋਧ 'ਤੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ...

ਨਿਊਜ਼ੀਲੈਂਡ ‘ਚ ਨਗਰ ਕੀਰਤਨ ਦੇ ਵਿਰੋਧ ‘ਤੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

 

ਅੰਮ੍ਰਿਤਸਰ/ਹੁਸ਼ਿਆਰਪੁਰ – ਸਿੱਖਾਂ ਵੱਲੋਂ ਨਿਊਜ਼ੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁੱਖ਼ਦਾਈ ਅਤੇ ਚਿੰਤਾਜਨਕ ਹੈ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਵੇਖਿਆ ਜਾਣਾ ਅਤਿ ਨਿੰਦਣਯੋਗ ਹੈ।

 

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀ ਬੁਨਿਆਦ ਸਰਬੱਤ ਦਾ ਭਲਾ, ਭਰਾਤਰੀ ਭਾਵ ਅਤੇ ਮਨੁੱਖਤਾ ਦੀ ਸੇਵਾ ’ਤੇ ਟਿਕੀ ਹੋਈ ਹੈ। ਨਗਰ ਕੀਰਤਨ ਸਿੱਖ ਧਰਮ ਦੀ ਇਕ ਪਵਿੱਤਰ ਧਾਰਮਿਕ ਪਰੰਪਰਾ ਹੈ, ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ ਅਤੇ ਅਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬਾਨ ਦੇ ਸਰਬ-ਸਾਂਝੇ ਸੰਦੇਸ਼ ’ਤੇ ਸਿੱਧੀ ਸੱਟ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਨਿਊਜੀਲੈਂਡ ਅਤੇ ਭਾਰਤ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਦੇ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਉਣ।  ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਅਤੇ ਆਪਸੀ ਸਤਿਕਾਰ ਹੀ ਕਿਸੇ ਵੀ ਬਹੁ-ਸੱਭਿਆਚਾਰਕ ਸਮਾਜ ਦੀ ਅਸਲ ਪਛਾਣ ਹੁੰਦੀ ਹੈ।