ਜਲੰਧਰ – 17 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਦੇਸ਼ ਭਰ ਵਿਚ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਅੱਜ ਜਲੰਧਰ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਸ਼ੋਭਾ ਯਾਤਰਾ ਵਿਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਕੇਸਰੀ ਗਰੁੱਪ ਦੇ ਡਾਇਰੈਕਟਰ ਸ਼੍ਰੀ ਅਵਿਨਾਸ਼ ਚੋਪੜਾ ਜੀ ਦੇ ਸਮੇਤ ਕਈ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ।
ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਲਮੀਕਿ ਭਾਈਚਾਰੇ ਦੀਆਂ ਮੰਗਾਂ ‘ਤੇ ਸਰਕਾਰ ਵੱਲੋਂ ਧਿਆਨ ਦੇਣ ਦਾ ਭਰੋਸਾ ਦਿੱਤਾ। ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਮੈਂ ਖ਼ੁਸ਼ਕਿਸਮਤ ਵਾਲਾ ਹਾਂ ਕਿ ਵਾਲਮੀਕਿ ਭਾਈਚਾਰੇ ਵੱਲੋਂ ਮੈਨੂੰ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ। ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਨੇ ਹੀ ਰਾਮਾਇਣ ਦੀ ਰਚਨਾ ਕੀਤੀ ਸੀ। ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਨੂੰ ਸੰਸਕ੍ਰਿਤੀ ਦੇ ਪਿਤਾਮਾ ਵੀ ਕਿਹਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਵਿਚ ਭਾਈਚਾਰਕ ਸਾਂਝ ਰੱਖਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ।