ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਕੁਝ ਲੋਕ ਜਾਤੀ ਦੀ ਰਾਜਨੀਤੀ ਦੇ ਨਾਂ ‘ਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਦੇਸ਼ ਦੇ ਪੇਂਡੂ ਖੇਤਰਾਂ ‘ਚ ਸਮਾਜਿਕ ਸਦਭਾਵਨਾ ਬਣਾਈ ਰੱਖਣ ਲਈ ਅਜਿਹੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨਾ ਚਾਹੀਦਾ ਹੈ। ਗ੍ਰਾਮੀਣ ਭਾਰਤ ਮਹੋਤਸਵ ਦਾ ਉਦਘਾਟਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ 2047 ਤੱਕ ਵਿਕਸਤ ਭਾਰਤ ਦੇ ਸੁਫ਼ਨੇ ਨੂੰ ਸਾਕਾਰ ਕਰਨ ਵਿੱਚ ਪਿੰਡ ਅਹਿਮ ਭੂਮਿਕਾ ਨਿਭਾਉਣਗੇ। ਕਿਸੇ ਦਾ ਨਾਂ ਲਏ ਬਿਨਾਂ ਮੋਦੀ ਨੇ ਕਿਹਾ ਕਿ ਕੁਝ ਲੋਕ ਜਾਤ-ਪਾਤ ਦੀ ਰਾਜਨੀਤੀ ਦਾ ਜ਼ਹਿਰ ਫੈਲਾ ਕੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ, “ਸਾਨੂੰ ਪਿੰਡਾਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਦੀ ਵਿਰਾਸਤ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਹੋਵੇਗਾ। ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨਡੀਏ) ਸਰਕਾਰ ਵੱਲੋਂ 2014 ਤੋਂ ਪੇਂਡੂ ਵਿਕਾਸ ਲਈ ਚੁੱਕੇ ਗਏ ਕਦਮਾਂ ਨੂੰ ਯਾਦ ਕਰਦੇ ਹੋਏ ਮੋਦੀ ਨੇ ਐੱਸਬੀਆਈ ਦੀ ਇੱਕ ਖੋਜ ਰਿਪੋਰਟ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਪੇਂਡੂ ਭਾਰਤ ਵਿੱਚ ਗਰੀਬੀ 2012 ਵਿੱਚ 26 ਪ੍ਰਤੀਸ਼ਤ ਤੋਂ ਘੱਟ ਕੇ ਪੰਜ ਪ੍ਰਤੀਸ਼ਤ ਤੋਂ ਹੇਠਾਂ ਆ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਪੇਂਡੂ ਭਾਰਤ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਣਗੌਲਿਆ ਕੀਤਾ ਅਤੇ ਅਜ਼ਾਦੀ ਦੇ ਦਹਾਕਿਆਂ ਬਾਅਦ ਵੀ ਪਿੰਡ ਬੁਨਿਆਦੀ ਲੋੜਾਂ ਤੋਂ ਵਾਂਝੇ ਸਨ ਪਰ ਉਨ੍ਹਾਂ ਦੀ ਸਰਕਾਰ ਪਿੰਡਾਂ ਨੂੰ ਸਸ਼ਕਤੀਕਰਨ ਦੇ ਕੇ ਉਨ੍ਹਾਂ ਲੋਕਾਂ ਵੱਲ ਧਿਆਨ ਦੇ ਰਹੀ ਹੈ ਜੋ ਪਹਿਲਾਂ ਅਣਗੌਲੇ ਸਨ।