ਕੋਟਕਪੂਰਾ -ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿਚ ਪੜ੍ਹਿਆ ਗਿਆ, ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਅਧਿਕਾਰਤ ਨੋਟੀਫਿਕੇਸ਼ਨਾਂ ’ਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ।ਭਾਰਤ ਦੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿਚ ਸੰਧਵਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ 31 ਜੁਲਾਈ, 2024 ਨੂੰ ਪੰਜਾਬ ਦੇ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਾਸ਼ਟਰਪਤੀ ਸਕੱਤਰੇਤ ਵਲੋਂ ਰਾਜਪਾਲ ਦੀ ਨਿਯੁਕਤੀ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿਚ ਪੜ੍ਹਿਆ ਗਿਆ।
ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਉਕਤ ਨੋਟੀਫਿਕੇਸ਼ਨ ਪੰਜਾਬੀ ਵਿਚ ਉਪਲਬਧ ਨਹੀਂ ਕਰਵਾਇਆ ਗਿਆ, ਜਿਸ ਕਰ ਕੇ ਪੰਜਾਬ ਦੇ ਲੋਕਾਂ ਵਿਚ ਨਿਰਾਸ਼ਾ ਅਤੇ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਸਰਕਾਰੀ ਭਾਸ਼ਾਵਾਂ ਵਜੋਂ ਅੰਗਰੇਜ਼ੀ ਅਤੇ ਹਿੰਦੀ ਨੂੰ ਮਾਨਤਾ ਦਿੰਦੇ ਹਾਂ, ਉਸੇ ਤਰ੍ਹਾਂ ਹੀ ਸਾਡੇ ਦੇਸ਼ ਦੀ ਭਾਸ਼ਾਈ ਵਿਭਿੰਨਤਾ ਦਾ ਮਾਣ-ਸਤਿਕਾਰ ਕੀਤਾ ਜਾਣਾ ਜ਼ਰੂਰੀ ਹੈ, ਕਿਉਂਕਿ ਵਿਭਿੰਨਤਾ ਜੀਵਨ ਦਾ ਆਧਾਰ ਹੈ।
ਉਨ੍ਹਾਂ ਕਿਹਾ ਕਿ ਖੇਤਰੀ ਭਾਸ਼ਾਵਾਂ ਨੂੰ ਬਣਦਾ ਮਾਣ-ਸਤਿਕਾਰ ਦੇ ਕੇ ਅਸੀਂ ਆਪਣੇ ਨਾਗਰਿਕਾਂ ’ਚ ਏਕਤਾ ਅਤੇ ਆਪਸੀ ਸਮਝ ਦੇ ਬੰਧਨ ਨੂੰ ਹੋਰ ਮਜ਼ਬੂਤ ਕਰ ਸਕਦੇ ਹਾਂ ਅਤੇ ਅਨੇਕਤਾ ਵਿਚ ਏਕਤਾ ਨਾਲ ਇਕ ਮਜ਼ਬੂਤ ਦੇਸ਼ ਦੀ ਨੀਂਹ ਰੱਖ ਸਕਦੇ ਹਾਂ।