ਚੰਡੀਗੜ੍ਹ : ਪੰਜਾਬ ਵਿਚ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਜਿਸ ਮੁਤਾਬਕ ‘ਡਿਫਾਲਟਰ’ ਵਿਅਕਤੀ ਪੰਚਾਇਤ ਚੋਣਾਂ ਨਹੀਂ ਲੜ ਸਕਣਗੇ ਕਿਉਂਕਿ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ‘ਕੋਈ ਬਕਾਇਆ ਨਹੀਂ’ ਦਾ ਸਰਟੀਫਿਕੇਟ ਪੇਸ਼ ਕਰਨਾ ਪਵੇਗਾ। ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਹੈ, ਜਿਸ ਵਿਚ ਪੰਚਾਇਤ ਚੋਣਾਂ ਦੇ ਉਮੀਦਵਾਰਾਂ ਨੂੰ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਲੈਣ ਲਈ ਕਿਹਾ ਗਿਆ ਹੈ। ਪੰਚਾਇਤ ਚੋਣਾਂ ਲਈ, ਜਦੋਂ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਤਾਂ ਉਨ੍ਹਾਂ ਨੂੰ ਇਸ ਲਈ ਸਬੰਧਿਤ ਪੰਚਾਇਤ ਤੋਂ ‘ਕੋਈ ਇਤਰਾਜ਼ ਨਹੀਂ’ ਜਾਂ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ। ਸਰਪੰਚ ਅਤੇ ਪੰਚ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਖ਼ਿਲਾਫ਼ ਪੰਚਾਇਤ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਬਕਾਇਆ ਨਹੀਂ ਹੋਣਾ ਚਾਹੀਦਾ ਹੈ।
ਜਿਨ੍ਹਾਂ ਉਮੀਦਵਾਰਾਂ ਵੱਲ ਕਿਸੇ ਵੀ ਕਿਸਮ ਦਾ ਕੋਈ ਬਕਾਇਆ ਹੋਵੇਗਾ, ਉਸ ਨੂੰ ਚੋਣ ਲੜਨ ਦਾ ਮੌਕਾ ਨਹੀਂ ਮਿਲੇਗਾ। ਜਿਹੜੇ ਸਾਬਕਾ ਸਰਪੰਚ ਇਸ ਵਾਰ ਚੋਣ ਮੈਦਾਨ ਵਿਚ ਖੜ੍ਹਨਗੇ, ਉਨ੍ਹਾਂ ਲਈ ਇਹ ਦੱਸਣਾ ਵੀ ਲਾਜ਼ਮੀ ਹੋਵੇਗਾ ਕਿ ਉਨ੍ਹਾਂ ਨੇ ਪੰਚਾਇਤੀ ਰਿਕਾਰਡ ਸਬੰਧਤ ਅਥਾਰਿਟੀ ਕੋਲ ਜਮ੍ਹਾਂ ਕਰਵਾ ਦਿੱਤਾ ਹੈ ਜਾਂ ਨਹੀਂ। ਜਿਨ੍ਹਾਂ ਲੋਕਾਂ ਨੇ ਪੰਚਾਇਤੀ ਜ਼ਮੀਨਾਂ ’ਤੇ ਅਣ-ਅਧਿਕਾਰਤ ਕਬਜ਼ਾ ਕੀਤਾ ਹੋਇਆ ਹੈ, ਉਹ ਵੀ ਪੰਚਾਇਤੀ ਚੋਣ ਨਹੀਂ ਲੜ ਸਕਣਗੇ। ਪੰਜਾਬ ਸਰਕਾਰ ਨੇ ਇਸ ਵੇਲੇ ਪੰਚਾਇਤਾਂ ਦੀ ਥਾਂ ਪ੍ਰਬੰਧਕ ਲਾਏ ਹੋਏ ਹਨ ਜਿਨ੍ਹਾਂ ਵੱਲੋਂ ‘ਕੋਈ ਬਕਾਇਆ ਨਹੀਂ’ ਦੇ ਸਰਟੀਫਿਕੇਟ ਜਾਰੀ ਕੀਤੇ ਜਾਣਗੇ।