ਚੰਡੀਗੜ੍ਹ/ਜਲੰਧਰ –ਆਗਾਮੀ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਏ ਜਾਣ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਪੰਜਾਬ ਪੁਲਸ ਨੇ ਸੂਬੇ ਭਰ ਦੇ 151 ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਵਿਸ਼ੇਸ਼ ਆਪ੍ਰੇਸ਼ਨਾਂ ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਸ਼ੁੱਕਰਵਾਰ ਇਕੋ ਸਮੇਂ ਚਲਾਇਆ ਗਿਆ।
ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਸ (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਜ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀ. ਪੀ./ਐੱਸ. ਐੱਸ. ਪੀ. ਨੂੰ ਸੁਪਰਡੈਂਟ ਆਫ਼ ਪੁਲਸ (ਐੱਸ. ਪੀ.) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।