ਸ੍ਰੀ ਅਨੰਦਪੁਰ ਸਾਹਿਬ -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਨਿਭਾਉਣ ਲਈ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਗਏ ਹਨ। ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਦੌਰਾਨ ਉਨ੍ਹਾਂ ‘ਤੇ ਹਮਲਾ ਹੋ ਗਿਆ ਸੀ। ਸੇਵਾ ਦੌਰਾਨ ਇਕ ਸ਼ਖ਼ਸ ਵੱਲੋਂ ਉਨ੍ਹਾਂ ‘ਤੇ ਗੋਲ਼ੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲਾਂਕਿ ਪੁਲਸ ਦੀ ਮੁਸਤੈਦੀ ਨਾਲ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਤੇ ਹਮਲਾਵਰ ਨਾਰਾਇਣ ਸਿੰਘ ਚੌੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਮਗਰੋਂ ਅੱਜ ਸੁਖਬੀਰ ਬਾਦਲ ਸਖ਼ਤ ਸੁਰੱਖਿਆ ਹੇਠ ਸੇਵਾ ਨਿਭਾਅ ਰਹੇ ਹਨ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਸਾਰੇ ਗੁਨਾਹ ਕਬੂਲੇ ਜਾਣ ਮਗਰੋਂ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਇਸ ਤਹਿਤ ਸੁਖਬੀਰ ਸਿੰਘ ਬਾਦਲ ਵੱਲੋਂ ਪਹਿਲੇ 2 ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੇਵਾਦਾਰਾਂ ਵਾਲੀ ਪੌਸ਼ਾਕ ਪਾ ਕੇ ਤੇ ਹੱਥ ‘ਚ ਬਰਛਾ ਫੜ ਕੇ ਸੇਵਾ ਨਿਭਾਈ ਗਈ ਸੀ। ਇਸ ਦੌਰਾਨ ਉਨ੍ਹਾਂ ਦੇ ਗਲ਼ ‘ਚ ਤਖ਼ਤੀ ਵੀ ਪਾਈ ਹੋਈ ਸੀ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਬਰਤਨ ਸਾਫ਼ ਕਰਨ ਦੀ ਸੇਵਾ ਵੀ ਨਿਭਾਈ ਗਈ ਸੀ। ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਬਿਕਰਮ ਸਿੰਘ ਮਜੀਠੀਆ, ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ ਸਣੇ ਕਈ ਹੋਰ ਅਕਾਲੀ ਆਗੂਆਂ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ ਹੈ।