ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਫ਼ੈਸਲਾ ਸੁਣਾਇਆ ਜਾਵੇਗਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵ੍ਹੀਲਚੇਅਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਕਈ ਆਗੂ ਵੀ ਮੌਜੂਦ ਹਨ। ਹੁਣ ਇਹ ਦੇਖਣਾ ਹੋਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸੁਖਬੀਰ ਬਾਦਲ ਨੂੰ ਸਿਆਸੀ ਸਜ਼ਾ ਜਾਂ ਫਿਰ ਧਾਰਮਿਕ ਸਜ਼ਾ ‘ਚੋਂ ਕਿਹੜੀ ਸਜ਼ਾ ਸਣਾਉਂਦੇ ਹਨ।
ਦੱਸ ਦੇਈਏ ਅੱਜ ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਸਰਕਾਰ ਵੇਲੇ ਮੰਤਰੀ ਰਹੇ 17 ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣਗੇ। ਇਸ ਦੇ ਨਾਲ ਹੀ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ’ਚ ਸ਼ਾਮਲ ਰਹੇ ਤਿੰਨ ਜਥੇਦਾਰ ਵੀ ਆਪਣਾ ਸਪਸ਼ਟੀਕਰਨ ਦੇਣਗੇ। ਇਸ ਮੌਕੇ ਪੰਜ ਸਿੰਘ ਸਾਹਿਬਾਨ ਦੀ ਬੈਠਕ ਤੋਂ ਬਾਅਦ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਕੋਈ ਸਿਆਸੀ ਤਨਖਾਹ ਜਾਂ ਧਾਰਮਿਕ ਤਨਖਾਹ ਲਾਉਣ ਬਾਰੇ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ। ਇਸ ਮਾਮਲੇ ਨੂੰ ਲੈ ਕੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਸਿੰਘ ਸਾਹਿਬਾਨ ਦੀ ਮੀਟਿੰਗ ’ਤੇ ਲੱਗੀਆਂ ਹੋਈਆਂ ਹਨ।