ਚੰਡੀਗੜ੍ਹ -ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਸਤੀਫ਼ਾ ਦਿੱਤੇ ਜਾਣ ਦੀ ਖ਼ਬਰ ਨਾਲ ਪੰਜਾਬ ਦੀ ਸਿਆਸਤ ਵਿਚ ਹਲਚਲ ਮੱਚ ਗਈ ਹੈ। ਅੱਜ ਸਵੇਰ ਤੋਂ ਹੀ ਇਹ ਖ਼ਬਰ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਦਾ ਅਸਤੀਫ਼ਾ ਨਾਮੰਜ਼ੂਰ ਕਰ ਦਿੱਤਾ ਗਿਆ ਹੈ। ਉੱਧਰ, ਭਾਰਤੀ ਜਨਤਾ ਪਾਰਟੀ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਸੀ ਕਿ ਭਾਜਪਾ ਵੱਲੋਂ ਪੰਚਾਇਤੀ ਚੋਣਾਂ ਲਈ ਰਣਨੀਤੀ ਬਣਾਉਣ ਲਈ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿਚੋਂ ਸੁਨੀਲ ਜਾਖੜ ਗੈਰ ਹਾਜ਼ਰ ਰਹੇ ਸਨ। ਕਿਹਾ ਜਾ ਰਿਹਾ ਹੈ ਕਿ ਜਲੰਧਰ ਦੀ ਜ਼ਿਮਨੀ ਚੋਣ ਤੋਂ ਬਾਅਦ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਕਿ ਉਹ ਆਉਣ ਵਾਲੇ ਸਮੇਂ ਵਿਚ ਪ੍ਰਧਾਨਗੀ ਛੱਡ ਦੇਣਗੇ। ਦੱਸ ਦਈਏ ਕਿ ਸੁਨੀਲ ਜਾਖੜ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਤੇ ਉਨ੍ਹਾਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਗਿਆ ਸੀ।