ਸੁਪਰੀਮ ਕੋਰਟ ਨੇ ਅੱਜ ਸੋਮਵਾਰ 13 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਮਾਮਲੇ ਦੀ ਸੁਣਵਾਈ ਕਰਦੇ ਹੋਏ ਜਸਟਿਸ ਖੰਨਾ ਨੇ ਕਿਹਾ- ਅਸੀਂ ਹਾਈ ਕੋਰਟ ਦੇ ਫੈਸਲੇ ‘ਚ ਦਖਲ ਨਹੀਂ ਦੇ ਰਹੇ। ਦਿੱਲੀ ਦੇ LG ਵਿਨੈ ਕੁਮਾਰ ਸਕਸੈਨਾ ਇਸ ਮਾਮਲੇ ਵਿੱਚ ਕਾਰਵਾਈ ਕਰਨਾ ਚਾਹੁੰਦੇ ਹਨ ਤਾਂ ਕਰਨ।
ਦਰਅਸਲ, ਸ਼ਰਾਬ ਨੀਤੀ ਘੌਟਾਲੇ ਦੇ ਦੋਸ਼ੀ ਅਰਵਿੰਦ ਕੇਜਰੀਵਾਲ ਫਿਲਹਾਲ ਅੰਤਰਿਮ ਜ਼ਮਾਨਤ ‘ਤੇ ਹਨ। ਈਡੀ ਨੇ ਉਨ੍ਹਾਂ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਵੀ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ, ਜਿਸ ਨੂੰ ਲੈ ਕੇ ਸੰਦੀਪ ਕੁਮਾਰ ਨਾਂ ਦੇ ਇੱਕ ਵਿਅਕਤੀ ਨੇ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ 10 ਅਪ੍ਰੈਲ ਨੂੰ 50,000 ਰੁਪਏ ਦਾ ਜੁਰਮਾਨਾ ਲਗਾਉਂਦੇ ਹੋਏ ਪਟੀਸ਼ਨ ਰੱਦ ਕਰ ਦਿੱਤੀ ਸੀ।
ਇਸ ਤੋਂ ਬਾਅਦ ਪਟੀਸ਼ਨਕਰਤਾ ਸੁਪਰੀਮ ਕੋਰਟ ਪਹੁੰਚੇ। ਅੱਜ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਪੁੱਛਿਆ- ਪਟੀਸ਼ਨ ‘ਚ ਕਾਨੂੰਨੀ ਅਧਿਕਾਰਾਂ ਬਾਰੇ ਕੀ ਮੰਗ ਹੈ? ਸਾਨੂੰ ਇਸ ਸਭ ਵਿੱਚ ਕਿਉਂ ਜਾਣਾ ਚਾਹੀਦਾ ਹੈ? ਅਸੀਂ ਪਟੀਸ਼ਨ ਰੱਦ ਕਰਦੇ ਹਾਂ।