ਲੁਧਿਆਣਾ –ਚੀਮਾ ਚੌਕ ਫਲਾਈਓਵਰ ਬ੍ਰਿਜ ‘ਤੇ ਇਕ ਓਵਰ ਸਪੀਡ ਬ੍ਰਿਜ਼ਾ ਕਾਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਜ਼ਖ਼ਮੀ ਹੋਏ ਦੋਵੇਂ ਨੌਜਵਾਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੇ ਨਾਂ ਸੁਖਰਾਮ ਅਤੇ ਬਨਵਾਰੀ ਕਸ਼ਯਪ ਹਨ। ਥਾਣਾ ਡਿਵੀਜ਼ਨ ਨੰਬਰ 2 ਅਧੀਨ ਪੈਂਦੀ ਜਨਕਪੁਰੀ ਚੌਕੀ ਦੀ ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ।
ਜਾਣਕਾਰੀ ਮੁਤਾਬਕ ਦੋਵੇਂ ਦੋਸਤ ਆਪਣੇ ਪਿਤਾ ਨੂੰ ਘਰ ਛੱਡ ਕੇ ਵਾਪਸ ਆ ਰਹੇ ਸਨ। ਜਦੋਂ ਉਹ ਚੀਮਾ ਚੌਕ ਫਲਾਈਓਵਰ ਤੋਂ ਬਾਹਰ ਆ ਰਹੇ ਸਨ। ਉਦੋਂ ਇਕ ਬ੍ਰਿਜ਼ਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਦੋਵੇਂ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਏ। ਇਸ ਦੌਰਾਨ ਥਾਰ ਅਤੇ ਇਕ ਹੋਰ ਗੱਡੀ ਨੇ ਵੀ ਉਨ੍ਹਾਂ ਨੂੰ ਦਰੜ ਦਿੱਤਾ। ਇਸ ਨਾਲ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਨੂੰ ਜ਼ਖ਼ਮੀ ਹਾਲਤ ਵਿਚ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਏ.ਐੱਸ.ਆਈ. ਕਪਿਲ ਸ਼ਰਮਾ ਨੇ ਦੱਸਿਆ ਕਿ ਹਾਦਸੇ ਵਿਚ ਦੋ ਦੋਸਤਾਂ ਦੀ ਮੌਤ ਹੋ ਗਈ ਹੈ। ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਜਲਦ ਹੀ ਦੋਸ਼ੀਆਂ ਨੂੰ ਫੜ ਲਵੇਗੀ।