ਕਪੂਰਥਲਾ ਪਿੰਡ ਝੱਲ ਠੀਕਰੀਵਾਲ ’ਚ ਖੇਤਾਂ ਤੋਂ ਪਰਤ ਰਹੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ’ਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ’ਚ ਪੁਲਸ ਵੱਲੋਂ ਵਿਖਾਈ ਗਈ ਗੰਭੀਰਤਾ ਦੇ ਚੱਲਦੇ ਮੁਲਜ਼ਮ ਨੂੰ ਵਾਰਦਾਤ ਦੇ ਸਮੇਂ ਵਰਤੀ ਪਿਸਤੌਲ ਨਾਲ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ਕਪੂਰਥਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਇਸ ਮਾਮਲੇ ਸਬੰਧੀ ਆਯੋਜਿਤ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਮ੍ਰਿਤਕ ਜਸਪਾਲ ਸਿੰਘ ਪੁੱਤਰ ਗੇਜਾ ਸਿੰਘ ਵਾਸੀ ਪਿੰਡ ਸੁਖੀਆ ਨੰਗਲ ਦੇ ਕਤਲ ਕੇਸ ਦੀ ਗੁੱਥੀ ਸੁਲਝਾਉਣ ਲਈ ਐੱਸ. ਪੀ. (ਡੀ.) ਸਰਬਜੀਤ ਰਾਏ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮ ਬਣਾਈ ਗਈ ਸੀ।ਉਕਤ ਟੀਮ ਵੱਲੋਂ ਕੀਤੀ ਗਈ ਗੰਭੀਰਤਾ ਨਾਲ ਜਾਂਚ ਦੌਰਾਨ ਇਸ ਕਤਲ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਤਰਸੇਮ ਸਿੰਘ ਉਰਫ਼ ਵਿਸ਼ਾਲ ਪੁੱਤਰ ਬਲਵਿੰਦਰ ਸਿੰਘ ਵਾਸੀ ਕਮਾਲਕੇ ਖੁਰਦ ਥਾਣਾ ਧਰਮਕੋਰਟ ਜ਼ਿਲ੍ਹਾ ਮੋਗਾ ਨੂੰ ਪਿੰਡ ਲੰਡੇ ਜ਼ਿਲ੍ਹਾ ਮੋਗਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੌਰਾਨ ਮੁਲਜ਼ਮ ਕੋਲੋਂ ਵਾਰਦਾਤ ਸਮੇਂ ਵਰਤਿਆ ਗਿਆ ਦੇਸੀ ਕੱਟਾ ਵੀ ਬਰਾਮਦ ਹੋਇਆ। ਪੁਲਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਸ ਦਾ ਉਕਤ ਵਿਅਕਤੀ ਜਸਪਾਲ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।