ਅੰਮ੍ਰਿਤਸਰ -ਆਗਾਮੀ ਝੋਨੇ ਦੇ ਸੀਜ਼ਨ ’ਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਹੌਟ-ਸਪਾਟ ਪਿੰਡਾਂ ਦੀ ਸਖ਼ਤ ਨਿਗਰਾਨੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਸਮੂਹ ਐੱਸ. ਡੀ. ਐੱਮਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਅਤੇ ਜ਼ਿਲਾ ਮੰਡੀ ਅਫਸਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੌਟ-ਸਪਾਟ ਪਿੰਡਾਂ ਦੀ ਸਖਤ ਨਿਗਰਾਨੀ ਲਈ ਥਾਣਾ ਮੁਖੀਆਂ ਨਾਲ ਤਾਲਮੇਲ ਕੀਤਾ ਜਾਵੇ। ਹੁਣ ਤੱਕ 9 ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਡੀ. ਸੀ. ਨੇ ਹਦਾਇਤ ਕੀਤੀ ਕਿ ਪਿੰਡ ਦੇ ਨੰਬਰਦਾਰ ਅਤੇ ਚੌਕੀਦਾਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ ਤਾਂ ਜੋ ਪਰਾਲੀ ਸਾੜਨ ’ਤੇ ਕਾਬੂ ਪਾਉਣ ਲਈ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਦੀ ਮੁੱਖ ਲੋੜ ਹੈ ਕਿ ਕਿਸਾਨਾਂ ਨੂੰ ਪਰਾਲੀ ਦੀ ਲੱਗਣ ਨਾਲ ਹੋਣ ਵਾਲੀਆਂ ਘਟਨਾਵਾਂ, ਬੀਮਾਰੀਆਂ ਅਤੇ ਵਾਤਾਵਰਣ ਪ੍ਰਦੂਸ਼ਿਤ ਹੋਣ ਬਾਰੇ ਜਾਗਰੂਕ ਕੀਤਾ ਜਾ ਸਕੇ।