ਨੈਸ਼ਨਲ ਹਾਈਵੇ ‘ਤੇ ਸਥਿਤ ਦੇਸ਼ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਭਾਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਵੱਲੋ ਧਰਨਾ ਅਜੇ ਵੀ ਜਾਰੀ ਹੈ, ਜੋ ਕਿ ਅੱਜ 10ਵੇਂ ਦਿਨ ’ਚ ਸ਼ਾਮਿਲ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਵੱਲੋਂ ਇਹ ਧਰਨਾ ਟੋਲ ਰੇਟਾਂ ਵਿੱਚ ਕੀਤੇ ਗਏ ਵਾਧੇ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੀ ਮੰਗ ਹੈ ਕਿ ਟੋਲ ਵਿੱਚ ਵਧੇ ਹੋਏ ਰੇਟਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਵਰਕਰ ਪਿਛਲੇ 10 ਦਿਨਾਂ ਤੋਂ ਨੈਸ਼ਨਲ ਹਾਈਵੇਅ ਅਥਾਰਟੀ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ। ਰੋਸ ਪ੍ਰਦਰਸ਼ਨ ਵੱਜੋਂ ਕਿਸਾਨਾਂ ਵੱਲੋਂ ਮੰਗਾਂ ਮੰਨੇ ਜਾਣ ਤੱਕ ਟੋਲ ਨੂੰ ਫ੍ਰੀ ਕਰ ਦਿੱਤਾ ਗਿਆ ਹੈ ਜੋ ਕਿ ਅੱਜ ਦੱਸਵੇਂ ਦਿਨ ਵੀ ਮੁਫ਼ਤ ਰਿਹਾ।
ਆਪਣੀ ਮੰਗ ਸੰਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਉਨ੍ਹਾਂ ਦਾ ਧਰਨਾ 10ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ ਪਰ ਅਜੇ ਤੱਕ ਨੈਸ਼ਨਲ ਹਾਈਵੇਅ ਅਥਾਰਟੀ ਦਾ ਕੋਈ ਵੀ ਮੁਲਾਜ਼ਮ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਨਹੀਂ ਪਹੁੰਚਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ ਦਾ ਹੱਲ ਨਾ ਕੱਢਿਆ ਗਿਆ ਤਾਂ 30 ਜੂਨ ਨੂੰ ਟੋਲ ਪਲਾਜ਼ੇ ਨੂੰ ਪੱਕੇ ਤੌਰ ‘ਤੇ ਬੰਦ ਕਰ ਦਿੱਤਾ ਜਾਵੇਗਾ।