ਪਾਇਲ – ਪਾਇਲ ਨੇੜੇ ਦੀਵਾਲੀ ਦੀ ਰਾਤ ਨੂੰ ਵਾਪਰੇ ਭਿਆਨਕ ਸੜਕ ਹਾਦਸੇ ‘ਚ ਫੁੱਟਬਾਲ ਖਿਡਾਰੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਉਰਫ ਰਿੰਕੂ (28) ਪੁੱਤਰ ਦਰਬਾਰਾ ਸਿੰਘ ਵਾਸੀ ਵਾਰਡ ਨੰਬਰ 3, ਪਾਇਲ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਫੁੱਟਬਾਲ ਖਿਡਾਰੀ ਜਤਿੰਦਰ ਸਿੰਘ ਉਰਫ਼ ਰਿੰਕੂ ਜੋ ਕਿ ਮੰਡੀ ਗੋਬਿੰਦਗੜ੍ਹ ਵਿਖੇ ਵੈਲਡਿੰਗ ਦਾ ਕੰਮ ਕਰਦਾ ਸੀ, ਦੇਰ ਸ਼ਾਮ ਮੋਟਰਸਾਈਕਲ ‘ਤੇ ਘਰ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਾਇਲ-ਬੀਜਾ ਰੋਡ ‘ਤੇ ਮਾਜਰੀ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਅਚਾਨਕ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਟੱਕਰ ਤੋਂ ਬਾਅਦ ਪੈਟਰੋਲ ਪੰਪ ਦੇ ਕਰਮਚਾਰੀਆਂ ਨੇ ਮੌਕੇ ‘ਤੇ ਐਂਬੂਲੈਂਸ ਬੁਲਾਈ ਅਤੇ ਹਸਪਤਾਲ ਭੇਜ ਕੇ ਉਸ ਦੀ ਜਾਨ ਬਚਾਉਣ ਦੀ ਭਰਪੂਰ ਕੋਸ਼ਿਸ਼ ਕੀਤੀ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਾਸਤੇ ਵਿਚ ਖਿਡਾਰੀ ਦੀ ਮੌਤ ਹੋ ਚੁੱਕੀ ਸੀ।

