ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਨਸ਼ੇ ‘ਤੇ ਨਕੇਲ ਕੱਸਣ ਲਈ ਦਿੱਲੀ ਪੁਲਸ ਨੇ ਤਸਕਰੀ ਦੇ ਦੋਸ਼ੀ ਕਰੀਬ 1500 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਕਰੋੜਾਂ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕੀਤੀ ਹੈ। ਦਿੱਲੀ ਪੁਲਸ ਵਲੋਂ ਸੋਮਵਾਰ ਨੂੰ ਜਾਰੀ ਇਕ ਬਿਆਨ ਮੁਤਾਬਕ ਇਸ ਸਾਲ 15 ਜੂਨ ਤੱਕ 1127 ਮੁਕੱਦਮਿਆਂ ਵਿਚ 1439 ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਤਰ੍ਹਾਂ ਨਾਰਕੋਟਿਕ ਡਰੱਗ ਅਤੇ ਸਾਈਕੋਟ੍ਰੋਪਿਕ ਪਦਾਰਥ ਗੈਰ-ਕਾਨੂੰਨੀ ਤਸਕਰੀ ਰੋਕਥਾਮ ਐਕਟ ਤਹਿਤ 7.76 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਅਤੇ 19.03 ਕਰੋੜ ਰੁਪਏ ਦੀ ਜਾਇਦਾਦ ਦੀ ਜਾਂਚ ਅੰਤਿਮ ਪੜਾਅ ‘ਚ ਹੈ। ਨਸ਼ੀਲੇ ਪਦਾਰਥਾਂ ਦੀ ਵਿਕਰੀ ਦੇ ਜਾਲ ਨੂੰ ਤੋੜਨ ਲਈ ਪੁਲਸ ਨੇ ਹੁਣ ਤੱਕ 28 ਹਿਰਾਸਤ ਦੇ ਹੁਕਮ ਜਾਰੀ ਕੀਤੇ ਹਨ, ਜਦੋਂ ਕਿ 32 ਪ੍ਰਸਤਾਵ ਪ੍ਰਕਿਰਿਆ ਚੱਲ ਰਹੀ ਹੈ।
ਪਿਛਲੇ ਸਾਲ ਪੁਲਸ ਨੂੰ ਇਸ ਮਾਮਲੇ ਵਿਚ ਵੱਡੀ ਸਫਲਤਾ ਮਿਲੀ ਸੀ। ਸਾਲ 2024 ਵਿਚ 1789 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚ 2290 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਮਈ 2023 ਵਿਚ ਦਿੱਲੀ ਪੁਲਸ ਨੇ ਦਿੱਲੀ ਵਿਚ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ “ਆਪ੍ਰੇਸ਼ਨ ਕਵਚ” ਸ਼ੁਰੂ ਕੀਤਾ ਸੀ। ਇਸ ਮੁਹਿੰਮ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਵਿਕਰੀ ਵਿਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਸੀ। ਇਸ ਮੁਹਿੰਮ ਤਹਿਤ ਸਥਾਨਕ ਪੱਧਰ ਤੋਂ ਲੈ ਕੇ ਉੱਚ ਪੱਧਰੀ ਤਸਕਰਾਂ ਤੱਕ ਮੁੱਖ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।