ਪੰਜਾਬ ’ਚ ਸੜਕ ਹਾਦਸਿਆਂ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਉਂਦੀ ਹੀ ਰਹਿੰਦੀ ਹੈ। ਸੜਕ ਹਾਦਸਿਆਂ ਦਾ ਕਾਰਨ ਅਕਸਰ ਹੀ ਅਣਗਹਿਲੀ ਬਣਦਾ ਹੈ। ਤਾਜ਼ਾ ਮਾਮਲਾ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਮੁਕੇਰੀਆ ਨੇੜੇ ਹਾਜੀਪੁਰ-ਮਾਨਸਰ ਰੋਡ ’ਤੇ ਮਾਂ-ਧੀ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਅਤੇ ਹਾਦਸੇ ਦੌਰਾਨ ਦੋਵਾਂ ਮਾਵਾਂ-ਧੀਆਂ ਦੀ ਮੌਤ ਹੋ ਗਈ ਤੇ ਨਾਲ ਕੁੱਝ ਹੋਰ ਲੋਕ ਵੀ ਜ਼ਖ਼ਮੀ ਹੋ ਗਏ।
ਹਾਦਸੇ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਮਹਿਲਾ ਦੇ ਭੜਾ ਟਿੰਮੀ ਨੇ ਦੱਸਿਆ ਕਿ ਉਸਦੀ ਭੈਣ ਰੇਖਾ ਰਾਣੀ ਆਪਣੀ ਬੇਟੀ ਗਰਿਮਾ ਮਹਿਰਾ ਦੇ ਨਾਲ ਤਲਵਾੜਾ ਦੇ ਚਿੰਗਾੜਮਾ ਦਾ ਮੇਲਾ ਦੇਖ ਕੇ ਟਰਾਲੀ ’ਚ ਘਰ ਪਰਤ ਰਹੇ ਸੀ। ਇਸ ਦੌਰਾਨ ਰਾਤ ਕਰੀਬ 8 ਵਜੇ ਇੱਕ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਹਾਦਸੇ ’ਚ ਮਾਵਾਂ-ਧੀਆਂ ਸਣੇ 6 ਹੋਰ ਲੋਕ ਜ਼ਖ਼ਮੀ ਹੋ ਗਏ। ਜਿੰਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਰੇਖਾ ਅਤੇ 13 ਸਾਲਾਂ ਗਰਿਮਾ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮਾਂ-ਧੀ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।