ਪੰਜਾਬ ਦੀਆਂ 1 ਜੂਨ ਨੂੰ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਆਪਣੇ ਹੱਕ ’ਚ ਚੋਣ ਭੁਗਤਾਉਣ ਲਈ ਅਪੀਲ ਕੀਤੀ ਜਾ ਰਹੀ ਐ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਪਹੁੰਚੇ। ਜਿੱਥੇ ਉਨ੍ਹਾਂ ਨੇ ਟਾਊਨ ਹਾਲ ਵਿੱਚ ਵਪਾਰੀਆਂ ਨੂੰ ਸੰਬੋਧਨ ਕੀਤਾ।
ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਦੀ ਪਾਰਟੀ ਨੂੰ ਸੱਤਾ ’ਚ ਆਏ ਸਿਰਫ ਦੋ ਸਾਲ ਹੋਏ ਹਨ। ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦਾ ਮਾੜਾ ਹਾਲ ਸੀ ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ। ਪਰ ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਦਲ ਦਿੱਤਾ ਹੈ। ਵਪਾਰੀ ਸਮਾਜ ਦੇਸ਼ ਦੀ ਅਰਥਵਵਿਸਥਾ ਦੀ ਰੀੜ੍ਹ ਦੀ ਹੱਡੀ ਹਨ। ਸਾਡੀ ਸਰਕਾਰ ਨੇ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਹਮੇਸ਼ਾਂ ਤਵੱਜੋ ਦਿੰਦੀ ਹੈ।
ਪਿਛਲੇ ਦੋ ਸਾਲਾਂ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਜਾ ਕੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਗਈ। ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ। ਸਮੱਸਿਆਵਾਂ ਨੂੰ ਹੱਲ ਕੀਤਾ ਗਿਆ ਤੇ ਕੁੱਝ ਦਾ ਹੱਲ ਕੱਢਿਆ ਜਾ ਰਿਹਾ ਹੈ। ਪਿਛਲੇ ਦੋ ਸਾਲਾਂ ਵਿਚ ਪੰਜਾਬ ਵਿਚ ਬਦਲਾਅ ਦੀ ਹਵਾ ਚੱਲੀ ਹੈ ਤੇ ਪੰਜਾਬ ਅੱਗੇ ਵੱਲ ਵਧ ਰਿਹਾ ਹੈ। ਪੰਜਾਬ ਵਿਚ 56 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣਾ ਸ਼ੁਰੂ ਹੋ ਗਿਆ ਹੈ। ਇੰਨਾ ਵੱਡਾ ਨਿਵੇਸ਼ ਉਦੋਂ ਹੀ ਆਉਂਦਾ ਹੈ ਜਦੋਂ ਸੂਬੇ ਦੀ ਕਾਨੂੰਨ ਵਿਵਸਥਾ ਠੀਕ ਹੋਵੇ, ਸ਼ਾਂਤੀ ਹੋਵੇ ਅਤੇ ਸਰਕਾਰ ਚੰਗੀ ਹੋਵੇ। ਅਸੀਂ ਆਪਣੇ ਵਾਅਦੇ ਪੂਰੇ ਕਰ ਰਹੇ ਹਾਂ। ਘਰੇਲੂ ਬਿਜਲੀ ਨੂੰ ਮੁਫਤ ਕੀਤਾ ਹੈ ਤੇ ਹੁਣ ਵਪਾਰਕ ਬਿਜਲੀ ਦੇ ਰੇਟ ਵੀ ਘਟਾਏ ਜਾਣਗੇ।