ਅਠਾਰਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਪਹਿਲੀ ਬੈਠਕ ਸੋਮਵਾਰ ਨੂੰ ਸ਼ੁਰੂ ਹੋਈ, ਜਿਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ। ਇਸ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਾਹਰ ਰਾਸ਼ਟਰ ਦੇ ਲੋਕਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੇ ਰਾਸ਼ਟਰ ਦੇ ਲੋਕਾਂ ਨੂੰ ਸੰਦੇਸ਼ ਦੇ ਨਾਂ ’ਤੇ ਵਿਰੋਧੀ ਧਿਰ ਕਾਂਗਰਸ ਨੇ ਭਾਜਪਾ ਦੇ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਪ੍ਰਧਾਨ ਮੰਤਰੀ ’ਤੇ ਇਲਜ਼ਾਮ ਲਗਾਇਆ ਕਿ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਸਿਰਫ਼ ਵਿਸ਼ੇ ਤੋਂ ਭਟਕਾਉਣ ਵਾਲੀਆਂ ਗੱਲਾਂ ਹੀ ਕੀਤੀਆਂ ਹਨ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ। ਇਸ ਮੌਕੇ ਆਮ ਵਾਂਗ ਜਿਵੇਂ ਹੁੰਦਾ ਹੈ ਲੋਕ ਸਭਾ ਚੋਣਾਂ ਵਿਚ ਵੱਡੀ ਨਿੱਜੀ, ਸਿਆਸੀ ਅਤੇ ਨੈਤਿਕ ਹਾਰ ਦਾ ਸਾਹਮਣਾ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਸੰਸਦ ਦੇ ਬਾਹਰ ਰਾਸ਼ਟਰ ਨੂੰ ਸੰਦੇਸ਼ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕੁਝ ਵੀ ਨਵਾਂ ਨਹੀਂ ਕਿਹਾ। ਆਮ ਵਾਂਗ ਉਨ੍ਹਾਂ ਨੇ ਵਿਸ਼ੇ ਤੋਂ ਧਿਆਨ ਭਟਕਾਉਣ ਵਾਲੀਆਂ ਗੱਲਾਂ ਹੀ ਕਹੀਆਂ ਹਨ। ਇਸ ਦੇ ਨਾਲ ਹੀ ਜੈ ਰਾਮ ਰਮੇਸ਼ ਨੇ ਕਿਹਾ ਕਿ ਉਨ੍ਹਾਂ (ਪ੍ਰਧਾਨ ਮੰਤਰੀ) ਦੇ ਸ਼ਬਦਾਂ ਤੋਂ ਇਹ ਬਿਲਕੁੱਲ ਨਹੀਂ ਲੱਗਦਾ ਸੀ ਕਿ ਉਹ ਲੋਕ ਫਤਵੇ ਦੇ ਅਰਥ ਨੂੰ ਸੱਚਮੁੱਚ ਸਮਝ ਰਹੇ ਹਨ।