ਅੰਮ੍ਰਿਤਸਰ -ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੱਲੋਂ ਜਾਰੀ ਸਖ਼ਤ ਹਦਾਇਤਾਂ ’ਤੇ ਚੱਲਦਿਆਂ ਪੰਜਾਬ ਪੁਲਸ ਵੱਲੋਂ ਵੱਡੇ ਪੱਧਰ ’ਤੇ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਫ੍ਰੀਜ਼ ਕੀਤੇ ਜਾਣ ਦੀ ਕਾਰਵਾਈ ਨੂੰ ਜੰਗੀ ਪੱਧਰ ’ਤੇ ਅਮਲ ’ਚ ਲਿਆਂਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਵੱਲੋਂ 4 ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਫ੍ਰੀਜ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਐੱਸ. ਐੱਸ. ਪੀ. ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਹੈਰੋਇਨ ਸਮੱਗਲਰ ਗੁਰਭੇਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੁਤਾਲਾ ਦੀ 19 ਲੱਖ 47 ਹਜ਼ਾਰ 500 ਰੁਪਏ ਦੀ ਜਾਇਦਾਦ ਫ੍ਰੀਜ਼ ਕੀਤੀ ਗਈ। ਮੁਲਜ਼ਮ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਖੋਕੇ ਦੀ 8 ਲੱਖ 75 ਹਜ਼ਾਰ ਰੁਪਏ ਦੀ ਜਾਇਦਾਦ ਅਤੇ ਮੁਲਜ਼ਮ ਗੁਰਪ੍ਰੀਤ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਜੰਡਿਆਲਾ ਦੀ ਕਰੀਬ 25 ਲੱਖ ਰੁਪਏ ਦੀ ਜਾਇਦਾਦ ਫਰੀਜ਼ ਕੀਤੀ ਗਈ। ਮੁਲਜ਼ਮ ਸੰਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਜੰਡਿਆਲਾ ਦੀ 44 ਲੱਖ 35 ਹਜ਼ਾਰ ਰੁਪਏ ਦੀ ਜਾਇਦਾਦ ਫ੍ਰੀਜ਼ ਕੀਤੇ ਜਾਣ ਦੀ ਕਾਰਵਾਈ ਅਮਲ ’ਚ ਲਿਆਂਦੀ ਗਈ। ਇਸੇ ਤਰ੍ਹਾਂ ਸਮੱਗਲਰ ਹਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਛੇਹਰਟਾ ਦੀ ਬਹੁਮੁੱਲੀ ਜਾਇਦਾਦ ਨੂੰ ਜ਼ਬਤ ਕੀਤੀ ਗਈ।