ਚੰਡੀਗੜ੍ਹ: ਕੇਂਦਰ ਅਤੇ ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ਨੂੰ ਸਹੀ ਠਹਿਰਾਇਆ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ NSA ਵਧਾਉਣ ਦੇ ਫ਼ੈਸਲੇ ਨੂੰ ਚੈਲੰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਅੱਜ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਹਾਈ ਕੋਰਟ ਵਿਚ ਜਵਾਬ ਦਾਖ਼ਲ ਕੀਤਾ ਗਿਆ ਹੈ। ਇਸ ਵਿਚ ਪੰਜਾਬ ਤੇ ਕੇਂਦਰ ਸਰਕਾਰ ਨੇ ਅੰਮ੍ਰਿਤਪਾਲ ਸਿੰਘ ‘ਤੇ ਨਵੇਂ ਸਿਰੇ ਤੋਂ NSA ਲਗਾਉਣ ਦੇ ਫ਼ੈਸਲੇ ਨੂੰ ਸਹੀ ਦੱਸਿਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿਚ ਦਾਖ਼ਲ ਜਵਾਬ ਵਿਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਵੀ ਵੱਖਵਾਦੀਆਂ ਦੇ ਸੰਪਰਕ ‘ਚ ਹੈ। ਉਸ ਦੀ ਸੈੱਲ ਵਿਚੋਂ ਮੋਬਾਈਲ ਤੇ ਗੈਜੇਟਸ ਮਿਲ ਚੁੱਕੇ ਹਨ। ਇਸ ਤੋਂ ਇਲਾਵਾ ਜਾਂਚ ਏਜੰਸੀਆਂ ਕੋਲ ਹੋਰ ਵੀ ਖੁਫੀਆ ਜਾਣਕਾਰੀ ਹੈ, ਜਿਸ ਦੇ ਅਧਾਰ ‘ਤੇ NSA ਬਿਲਕੁਲ ਸਹੀ ਹੈ। ਜਵਾਬ ਵਿਚ ਇਹ ਵੀ ਕਿਹਾ ਗਿਆ ਹੈ ਕਿ ਅੰਮ੍ਰਿਤਪਰ DM ਦੀ ਰਿਪੋਰਟ ਦੇ ਸਾਰੇ ਤੱਥ ਸਹੀ ਪਾਏ ਗਏ ਹਨ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਜੇ ਹਾਈ ਕੋਰਟ ਹੁਕਮ ਦੇਵੇ ਤਾਂ ਇਸ ਮਾਮਲੇ ਵਿਚ ਵਿਸਥਾਰ ਵਿਚ ਜਵਾਬ ਦਾਖਲ ਕੀਤਾ ਜਾਵੇਗਾ।