ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਿੱਥੇ ਲੋਕ ਭਲਾਈ ਦੇ ਕੰਮ ਕਰ ਰਹੀ ਹੈ ਤਾਂ ਉੱਥੇ ਹੀ ਸੂਬੇ ਨੂੰ ਸੈਰ ਸਪਾਟੇ ’ਚ ਮੌਹਰੀ ਬਣਾਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ। ਦਰਅਸਲ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਇਨਵੈਸਟ ਪੰਜਾਬ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਅੱਜ ‘ਨਿਵੇਸ਼ਕ ਸੰਮੇਲਨ’ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਨੇ ਆਖਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇੱਥੇ ਸੂਬੇ ਦੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਸੇ ਨੂੰ ਦਰਸਾਉਂਦੀਆਂ ਮੁਗਲ, ਸਿੱਖ ਅਤੇ ਬ੍ਰਿਟਿਸ਼ ਕਾਲ ਦੀਆਂ ਇਮਾਰਤਾਂ ਹਨ, ਜੋ ਸਮੁੱਚੀ ਲੋਕਾਈ ਲਈ ਖਿੱਚ ਦਾ ਕੇਂਦਰ ਹਨ।
ਇਸ ਤੋਂ ਪਹਿਲਾਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੈਰ-ਸਪਾਟਾ ਖੇਤਰ ਦੀਆਂ ਜਾਇਦਾਦਾਂ ਅਤੇ ਅਸਾਸਿਆਂ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਹਮੇਸ਼ਾ ਸੁਹਿਰਦਤਾ ਨਾਲ ਤਿਆਰ ਹੈ। ਰਾਜ ਸਰਕਾਰ ਈਕੋ-ਟੂਰਿਜ਼ਮ, ਐਡਵੈਂਚਰ ਟੂਰਿਜ਼ਮ, ਵਾਟਰ ਟੂਰਿਜ਼ਮ ਅਤੇ ਵੈੱਲਨੈੱਸ ਟੂਰਿਜ਼ਮ ਉੱਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ ਕਿਉਂਕਿ ਇਨ੍ਹਾਂ ਖੇਤਰਾਂ ਵਿੱਚ ਵੀ ਪੰਜਾਬ ਨੂੰ ਹੋਰ ਪ੍ਰਫੁੱਲਿਤ ਕਰਨ ਦੀਆਂ ਭਰਪੂਰ ਸੰਭਾਵਨਾਵਾਂ ਹਨ। ਇਸ ਦੇ ਨਾਲ ਹੀ ਮੰਤਰੀ ਨੇ ਨਿਵੇਸ਼ਕਾਂ ਨੂੰ ਸੂਬਾ ਸਰਕਾਰ ਦੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਕਿਉਂਕਿ ਇਨਵੈਸਟ ਪੰਜਾਬ ਇੱਕ ਅਜਿਹਾ ਮੰਚ ਹੈ ਜਿੱਥੇ ਸੂਬੇ ਵਿੱਚ ਉੱਦਮ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਇਸ ਦੇ ਨਾਲ ਹੀ ਇਸ ਮੌਕੇ ਕਈ ਵਿਰਾਸਤੀ ਇਮਾਰਤਾਂ ਜਿਵੇਂ ਕਿ ਕਪੂਰਥਲਾ ਵਿੱਚ ਦਰਬਾਰ ਹਾਲ ਅਤੇ ਗੋਲ ਕੋਠੀ , ਸੰਗਰੂਰ ਕੋਠੀ, ਆਮ ਖਾਸ ਬਾਗ ਸਰਹਿੰਦ, ਰੂਪਨਗਰ ਵਿੱਚ ਪਿੰਕਾਸ਼ੀਆ ਟੂਰਿਸਟ ਕੰਪਲੈਕਸ, ਕੁਲਾਰਾ ਟਾਪੂ (ਪਠਾਨਕੋਟ) ਦੇ ਵਿਕਾਸ ਨੂੰ ਦਰਸਾਉਂਦੀ ਹੋਈ ਪੇਸ਼ਕਾਰੀ ਵੀ ਨਿਵੇਸ਼ਕਾਂ ਨੂੰ ਦਿਖਾਈ ਗਈ।