ਅੰਮ੍ਰਿਤਸਰ- ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਬਾਗੀ ਲੀਡਰਾਂ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਬਾਗੀ ਧੜ੍ਹੇ ਦੇ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ ਅਤੇ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਵਿੱਚ ਸੁਖਬੀਰ ਸਿੰਘ ਬਾਦਲ ਦੇ ਪੈਂਡਿੰਗ ਪਏ ਅਸਤੀਫੇ ਸਬੰਧੀ ਹੁਕਮ ਦੇਣ ਦੀ ਮੰਗ ਕੀਤੀ ਜਾ ਸਕਦੀ ਹੈ।
ਦਰਅਸਲ ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਹੁਕਮਨਾਮਾ ਜਾਰੀ ਕਰਦੇ ਹੋਏ ਕਿਹਾ ਸੀ ਕਿ ਜਿਹੜੇ ਆਗੂਆਂ ਨੇ ਅਸਤੀਫੇ ਦਿੱਤੇ ਹਨ, ਉਨ੍ਹਾਂ ਨੂੰ ਸਵੀਕਾਰ ਕਰ ਲਿਆ ਜਾਵੇ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਜਥੇਦਾਰ ਨੂੰ ਅਸਤੀਫਿਆਂ ਨੂੰ ਸਵੀਕਾਰ ਕਰਨ ਸਬੰਧੀ ਸਮਾਂ ਮੰਗਿਆ ਸੀ, ਜਿਸ ਤੋਂ ਬਾਅਦ ਅੱਜ ਇਕ ਮਹੀਨਾ ਬੀਤੇ ਜਾਣ ਮਗਰੋਂ ਬਾਗੀ ਧੜੇ ਵੱਲੋਂ ਸਿੰਘ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।