ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਜਿੱਤ ਤੋਂ ਬਾਅਦ ਰਣਨੀਤਕ ਮਾਮਲਿਆਂ ਦੇ ਮਾਹਿਰਾਂ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਦੌਰਾਨ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ ਪਰ ਪ੍ਰਵਾਸ, ਆਯਾਤ ਹੋਣ ਵਾਲੀਆਂ ਵਸਤੂਆਂ ‘ਤੇ ਡਿਊਟੀ ਲਗਾਉਣ ਵਰਗੇ ਕੁਝ ਮੁੱਦਿਆਂ ‘ਤੇ ਬੇਚੈਨੀ ਦੀ ਸਥਿਤੀ ਹੋ ਸਕਦੀ ਹੈ। ਮਾਹਿਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰੰਪ ਦੀ ਬਹੁਤ ਚੰਗੀ ਦੋਸਤੀ ਹੋਣ ਕਾਰਨ ਦੋਵਾਂ ਧਿਰਾਂ ਵਿਚਾਲੇ ਮੁਸ਼ਕਲ ਮੁੱਦਿਆਂ ਨੂੰ ਸੁਲਝਾਉਣ ਦੀ ਸੰਭਾਵਨਾ ਹੈ। ਆਪਣੀ ਚੋਣ ਮੁਹਿੰਮ ਵਿੱਚ, ਟਰੰਪ ਨੇ ਵਿਦੇਸ਼ੀ ਵਸਤੂਆਂ, ਖਾਸ ਤੌਰ ‘ਤੇ ਚੀਨ ਤੋਂ ਆਯਾਤ ਕੀਤੇ ਜਾਣ ਵਾਲੇ ਉਤਪਾਦਾਂ ‘ਤੇ ਵੱਧ ‘ਟੈਰਿਫ’ ਲਗਾਉਣ ਦਾ ਪ੍ਰਸਤਾਵ ਰੱਖਿਆ ਸੀ ਅਤੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਦੂਜੇ ਦੇਸ਼ਾਂ ਦੇ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ਾਂ ਵਿੱਚ ਭੇਜਣ ਦੀ ਮੁਹਿੰਮ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ।
ਇਹ ਸਪੱਸ਼ਟ ਹੋਣ ਤੋਂ ਥੋੜ੍ਹੀ ਦੇਰ ਬਾਅਦ ਕਿ ਟਰੰਪ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਹੋਣਗੇ, ਕੈਪੀਟਲ ਹਿੱਲ ਦੇ ਸੀਨੀਅਰ ਨੇਤਾ ਅਤੇ ਸੰਚਾਰ ਰਣਨੀਤੀਕਾਰ ਅਨੰਗ ਮਿੱਤਲ ਨੇ ਕਿਹਾ ਕਿ ਰਿਪਬਲਿਕਨ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਦਾ ਮੰਨਣਾ ਹੈ ਕਿ 21ਵੀਂ ਸਦੀ ਨੂੰ ਆਕਾਰ ਦੇਣ ਵਿਚ ਭਾਰਤ-ਅਮਰੀਕਾ ਸਬੰਧਾਂ ਦੀ ਮਹੱਤਵਪੂਰਨ ਭੂਮਿਕਾ ਹੋਵੇਗੀ।