ਤਰਨਤਾਰਨ ’ਚ ਚੋਰੀ ਤੇ ਲੁੱਟ ਖੋਹਾਂ ਦੀ ਵਾਰਦਾਤਾਂ ਵੱਧਦੀਆਂ ਹੀ ਜਾ ਰਹੀਆਂ ਹਨ ਪਰ ਇਸ ਵਿਚਾਲੇ ਪੁਲਿਸ ਵੀ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਹੀ ਹੈ। ਦਰਅਸਲ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਇੱਕ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੋਰਾਂ ਦੀ ਗ੍ਰਿਫ਼ਤਾਰੀ ਨਾਲ ਹੀ ਪੁਲਿਸ ਨੇ ਚੋਰਾਂ ਪਾਸੋਂ ਮੁਲਜ਼ਮਾਂ ਦੇ ਟਿਕਾਣੇ ਤੋਂ 9 ਮੋਬਾਈਲ ਫੋਨ, ਅੱਠ ਤੋਲੇ ਸੋਨਾ ਅਤੇ ਚੋਰੀ ਦੇ ਹੋਰ ਸਮਾਨ ਦੀ ਵੀ ਬਰਾਮਦਗੀ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਤਰਨਤਾਰਨ ਦੇ SSP ਅਸ਼ਵਨੀ ਕਪੂਰ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਰਾਣੀ ਵਾਲਾ ਦਾ ਰਹਿਣ ਵਾਲਾ ਇੱਕ ਵਿਅਕਤੀ ਆਪਣੇ ਸਾਥੀਆਂ ਨਾਲ ਦੀ ਮਦਦ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਗਗਨਦੀਪ ਸਿੰਘ ਦੇ ਘਰ ’ਤੇ ਛਾਪਾ ਮਾਰ ਕੇ ਦੋ ਸਾਥੀਆਂ ਸਣੇ ਕਾਬੂ ਕਰ ਲਿਆ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਜਦੋਂ ਸ਼ੱਕੀ ਦੇ ਘਰ ’ਤੇ ਛਾਪੇਮਾਰੀ ਕੀਤੀ ਗਈ ਤਾਂ ਗਿਰੋਹ ਵੱਲੋਂ ਹੋਰ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਯੋਜਨਾ ਬਣਾਈ ਜਾ ਰਹੀ ਸੀ।
ਕਾਬੂ ਕੀਤੇ ਗਏ ਸ਼ੱਕੀਆਂ ਦੀ ਪਹਿਚਾਣ 19 ਸਾਲਾਂ ਰਾਜਨ, 29 ਸਾਲਾਂ ਧਰਮਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਾਸੀ ਰਾਣੀ ਵਾਲਾ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਸ਼ੱਕੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।