ਅਬੋਹਰ : ਸ਼ਹਿਰ ਦੇ ਨਾਲ-ਨਾਲ ਹੁਣ ਪਿੰਡਾਂ ਵਿਚ ਵੀ ਸਮਾਜ ਵਿਰੋਧੀ ਅਨਸਰ ਸਰਗਰਮ ਹੋ ਗਏ ਹਨ। ਬੀਤੇ ਦਿਨ ਪਿੰਡ ਰੂੜਿਆਂਵਾਲੀ ਨੇੜੇ ਮੋਟਰਸਾਈਕਲ ਸਵਾਰ ਕੁਝ ਨੌਜਵਾਨਾਂ ਨੇ ਪਤੀ-ਪਤਨੀ ਨੂੰ ਹਥਿਆਰਾਂ ਦੀ ਨੋਕ ’ਤੇ ਲੁੱਟ ਲਿਆ ਅਤੇ ਫ਼ਰਾਰ ਹੋ ਗਏ। ਮਾਮਲੇ ਦੀ ਸੂਚਨਾ ਥਾਣਾ ਸਦਰ ਪੁਲਸ ਨੂੰ ਦੇ ਦਿੱਤੀ ਗਈ ਹੈ।ਜਾਣਕਾਰੀ ਦਿੰਦੇ ਹੋਏ ਬਨਵਾਰੀ ਲਾਲ ਪੁੱਤਰ ਪੋਖਰ ਰਾਮ ਵਾਸੀ ਪਿੰਡ ਰੂੜਿਆਂਵਾਲੀ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਕਰੀਬ 3 ਵਜੇ ਆਪਣੀ ਪਤਨੀ ਨਾਲ ਮੋਟਰਸਾਈਕਲ ‘ਤੇ ਪਿੰਡ ਤਾਜਾ ਪੱਟੀ ਤੋਂ ਰੂੜਿਆਂਵਾਲੀ ਤਰਫ ਲਿੰਕ ਰੋਡ ‘ਤੇ ਆ ਰਹੇ ਸੀ ਕਿ ਰੂੜਿਆਂਵਾਲੀ ਨੇੜੇ ਮੋਟਰਸਾਈਕਲ ਸਵਾਰ ਕੁਝ ਨੌਜਵਾਨਾਂ ਨੇ ਹਥਿਆਰਾਂ ਦੀ ਨੋਕ ‘ਤੇ ਉਨ੍ਹਾਂ ਕੋਲੋਂ ਚਾਂਦੀ ਦੀ ਚੈਨ, ਸੋਨੇ ਦਾ ਲਾਕੇਟ ਲੁੱਟ ਲਿਆ ਅਤੇ ਫ਼ਰਾਰ ਹੋ ਗਏ।
ਸਦਰ ਥਾਣਾ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਦਰਖਾਸਤ ਪ੍ਰਾਪਤ ਹੋਈ ਹੈ ਅਤੇ ਪੁਲਸ ਘਟਨਾ ਵਾਲੀ ਥਾਂ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।