ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੀ ਸਰਕਾਰ ਦੀਆਂ ਉੱਪਲੱਬਧੀਆਂ ਦਾ ਜ਼ਿਕਰ ਕੀਤਾ। ਉੱਥੇ ਹੀ ਉਨ੍ਹਾਂ ਵਿਰੋਧੀ ਧਿਰਾਂ ’ਤੇ ਵੀ ਤੰਜ ਕਸਿਆ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ‘ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਪਹਿਲੀ ਵਾਰ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਡੀ ਯੋਜਨਾ ਸ਼ੁਰੂ ਕੀਤੀ ਗਈ ਹੈ। ਨਾਲ ਹੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੌਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਯੋਜਨਾ ਦੀ ਬਕਾਇਆ ਰਾਸ਼ੀ 91 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਵਿਦਿਆਰਥੀਆਂ ਨੂੰ ਅਤਿ ਆਧੁਨਿਕ ਤਕਨੀਕੀ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਕਾਰਨ ਬਾਹਰ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 50 ਫੀਸਦੀ ਕਮੀ ਆਈ ਹੈ।
ਸੀਐੱਮ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸ਼ਬਦੀ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ 400 ਪਾਰ ਦਾ ਨਾਅਰਾ ਲਗਾਉਣ ਦੇ ਬਾਵਜੂਦ 250 ਦਾ ਅੰਕੜਾ ਪਾਰ ਨਹੀਂ ਕਰ ਸਕੀ ਅਤੇ ਹੁਣ ਮੋਦੀ ਸਰਕਾਰ ਨੂੰ ਐਨਡੀਏ ਸਰਕਾਰ ਕਿਹਾ ਜਾ ਰਿਹਾ ਹੈ। ਭਗਵਾ ਪਾਰਟੀ ਦੀ ਤਾਨਾਸ਼ਾਹੀ ਇਸ ਵਾਰ ਨਹੀਂ ਚੱਲੇਗੀ, ਕਿਉਂਕਿ ਉਹ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਕਰ ਕੇ ਸਰਕਾਰ ਚਲਾ ਰਹੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੇ ਮਸਲਿਆਂ ਖ਼ਾਸ ਕਰਕੇ ਕੇਂਦਰ ਸਰਕਾਰ ਕੋਲ ਫੰਡ ਰੋਕਣ ਦੇ ਮੁੱਦੇ ਚੁੱਕਣ ਤਾਂ ਜੋ ਉਨ੍ਹਾਂ ਨੂੰ ਤੁਰੰਤ ਜਾਰੀ ਕਰਵਾਇਆ ਜਾਵੇ।