ਸੂਬੇ ਦੀ ਸਰਕਾਰ ਲੋਕ ਭਲਾਈ ਦੇ ਕੰਮਾਂ ਦੇ ਨਾਲ-ਨਾਲ ਆਮ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਰਹੀ ਹੈ ਅਤੇ ਤੁਰੰਤ ਹੀ ਮੌਕੇ ’ਤੇ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੰਵਰ ਪਾਲ ਅੱਜ ਯਮੁਨਾਨਗਰ ਜ਼ਿਲ੍ਹੇ ’ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਜਗਾਧਰੀ ਕਸਬੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਬਿਜਲੀ,ਪਾਣੀ, ਗ੍ਰਾਂਟ, ਟਰਾਂਸਫ਼ਰ, ਗ੍ਰਾਂਟ ਦੇ ਪੈਸੇ, ਪੈਨਸ਼ਨ, ਰਾਸ਼ਨ, ਪੀਲੇ ਰਾਸ਼ਨ ਕਾਰਡ ਬਣਵਾਉਣ, ਪੱਕੇ ਮਕਾਨ ਬਣਾਉਣ, ਪੁਲਿਸ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਅਧਿਕਾਰੀਆਂ ਨੂੰ ਸਮੱਸਿਆ ਹੱਲ ਕਰਨ ਦੇ ਨਿਰੇਦਸ਼ ਦਿੱਤੇ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸਮਾਜ ਦੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਕੰਮ ਕਰ ਰਹੀ ਹੈ। ਸਰਕਾਰ ਨੇ ਵਿਕਾਸ ਕਾਰਜਾਂ ਵਿੱਚ ਨਿੱਤ ਨਵੇਂ ਆਯਾਮ ਸਥਾਪਿਤ ਕਰਕੇ ਸੂਬੇ ਨੂੰ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਕੀਤਾ ਹੈ। ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਅੰਤੋਦਿਆ ਯੋਜਨਾ ਨੇ ਗਰੀਬ ਪਰਿਵਾਰਾਂ ਵਿੱਚ ਖੁਸ਼ਹਾਲੀ ਲਿਆਂਦੀ ਹੈ।