ਬਰਨਾਲਾ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਸਾਲ ਵਾਂਗ ਇਸ ਸਾਲ ਵੀ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2025’ ਦੀ ਮਸ਼ਾਲ ਦਾ ਬਰਨਾਲਾ ਦੇ ਪਿੰਡ ਬਡਬਰ ’ਚ ਵਿਧਾਇਕ ਲਾਭ ਸਿੰਘ ਉੱਗੋਕੇ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਟੀ ਬੈਨਿਥ, ਐੱਸ. ਐੱਸ. ਪੀ. ਮੁਹੰਮਦ ਸਰਫ਼ਰਾਜ਼ ਆਲਮ ਅਤੇ ਹੋਰ ਸ਼ਖਸੀਅਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ’ਚ ਕਰਾਏ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਮਾਨ ਸਰਕਾਰ ਦਾ ਇਕ ਇਤਿਹਾਸਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਤੇ ਸੰਸਦ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਦੀ ਸੋਚ ਸਦਕਾ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ’ਚ ਹਰ ਸਾਲ ਤਿੰਨ-ਤਿੰਨ ਪੀੜ੍ਹੀਆਂ ਭਾਗ ਲੈ ਕੇ ਖੇਡਾਂ ਦੇ ਖੇਤਰ ’ਚ ਨਵੀਂ ਇਬਾਰਤ ਲਿਖ ਰਹੀਆਂ ਹਨ।
ਬਰਨਾਲਾ ਦੇ ਖਿਡਾਰੀਆਂ ਨੇ ਪਿਛਲੇ ਸੀਜ਼ਨਾਂ ’ਚ ਮਾਰੀਆਂ ਮੱਲਾਂ : ਧਾਲੀਵਾਲ
ਇਸ ਮੌਕੇ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਾਡੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਨਾਂ ਚਮਕਾ ਰਹੇ ਹਨ। ਜ਼ਿਲਾ ਬਰਨਾਲਾ ਦੇ ਖਿਡਾਰੀਆਂ ਨੇ ਪਿਛਲੇ ਸਾਲ ਇਨ੍ਹਾਂ ਖੇਡਾਂ ’ਚ ਸੂਬਾ ਪੱਧਰ ’ਤੇ 450 ਦੇ ਕਰੀਬ ਤਮਗੇ ਹਾਸਲ ਕੀਤੇ ਹਨ।