ਬਰਤਾਨੀਆਂ ’ਚ ਚਾਰ ਜੁਲਾਈ ਨੂੰ ਹੋਈਆਂ ਆਮ ਚੋਣਾਂ ਵਿੱਚ ਵਿਰੋਧੀ ਧਿਰ ਲੇਬਰ ਨੇ ਵੱਡੀ ਜਿੱਤ ਹਾਸਿਲ ਕੀਤੀ ਹੈ। ਇੰਨ੍ਹਾਂ ਚੋਣਾਂ ਵਿੱਚ ਕੰਜ਼ਰਵੇਟਿਵ ਪਾਰਟੀ ਦੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਜ਼ਿਕਰਯੋਗ ਐ ਕਿ ਯੂਕੇ ਦੀਆਂ ਆਮ ਚੋਣਾਂ ਵਿੱਚ ਭਾਰਤੀ ਮੂਲ ਦੇ 10 ਸਿੱਖਾਂ ਅਤੇ ਪੰਜਾਬੀਆਂ ਨੇ ਵੀ ਜਿੱਤ ਹਾਸਿਲ ਕੀਤੀ ਐ।
ਇਸੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੋਣਾਂ ’ਚ ਜਿੱਤ ਹਾਸਿਲ ਕਰਨ ਵਾਲੇ 10 ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਇਸਦੇ ਨਾਲ ਹੀ ਕੁਲਤਾਰ ਸਿੰਘ ਸੰਧਵਾਂ ਨੇ ਉਮੀਦ ਜਤਾਈ ਕਿ ਇਸ ਜਿੱਤ ਨਾਲ ਹਾਊਸ ਆਫ਼ ਕਾਮਨਜ਼ ’ਚ ਸਿੱਖਾਂ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ।
ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਯੂਕੇ ਦੀਆਂ ਆਮ ਚੋਣਾਂ ਦੇ ਨਤੀਜਿਆਂ ਵਿੱਚ ਲੇਬਰ ਪਾਰਟੀ ਵਲੋਂ ਦਰਜ਼ ਕੀਤੀ ਵੱਡੀ ਜਿੱਤ ਨਾਲ ਯੂਕੇ ਦੀ ਪਾਰਲੀਮੈਂਟ ਵਿੱਚ ਪੰਜਾਬੀਆਂ ਖ਼ਾਸ ਕਰ ਸਿੱਖਾਂ ਨੂੰ ਮਹੱਤਵਪੂਰਨ ਨੁਮਾਇੰਦਗੀ ਹਾਸਲ ਹੋਈ ਹੈ। ਸਿੱਖ ਆਗੂਆਂ ਦੀ ਇਹ ਜਿੱਤ ਮਾਣ ਕਰਨ ਵਾਲੀ ਅਤੇ ਵਕਾਰੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਪਾਰਲੀਮੈਂਟ ਲਈ ਪਹਿਲੀ ਵਾਰ 10 ਸਿੱਖ ਤੇ ਪੰਜਾਬੀ ਮੈਂਬਰਾਂ, ਜਿਨ੍ਹਾਂ ਵਿੱਚ 5 ਮਹਿਲਾਵਾਂ ਸ਼ਾਮਲ ਹਨ, ਦਾ ਚੁਣੇ ਜਾਣੇ ਇਕ ਮਿਸਾਲ ਗੱਲ ਹੈ।