ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਅੱਜ ਵਿਜੀਲੈਂਸ ਬਿਊਰੋ ਭਵਨ ਐੱਸ.ਏ.ਐਸ. ਨਗਰ ਵਿਖੇ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਪਹਿਲੇ ਦਿਨ ਸਹੁੰ ਚੁੱਕ ਸਮਾਗਮ ਉਪਰੰਤ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕੀਤਾ, ਜਿਸ ਦਾ ਉਦੇਸ਼ ਨਾਗਰਿਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਭ੍ਰਿਸ਼ਟ ਅਮਲਾਂ ਤੋਂ ਮੁਕਤ ਪ੍ਰਸ਼ਾਸਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਅਧਿਕਾਰੀਆਂ ਨੂੰ ਸਾਰੀਆਂ ਸੱਤ ਰੇਂਜਾਂ ਵਿਚ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜਾਂ ਦੇ ਸਾਰੇ ਐੱਸ.ਐੱਸ.ਪੀਜ਼. ਅਤੇ ਫ਼ੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਅਖੰਡਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।