ਚੰਡੀਗੜ੍ਹ/ ਫਰੀਦਕੋਟ 7 ਮਾਰਚ ()
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸ਼ਨ ਨੂੰ ਪੂਰੀ ਖੁੱਲ੍ਹ ਦਿੱਤੀ ਗਈ ਹੈ ਕਿ ਉਹ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ। ਉਨ੍ਹਾਂ ਨਸ਼ਾ ਤਸਕਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਨਸ਼ਿਆਂ ਦਾ ਕਾਰੋਬਾਰ ਬੰਦ ਕਰਕੇ ਆਤਮ ਸਮਰਪਨ ਕਰ ਦੇਣ। ਆਮ ਲੋਕਾਂ ਨੂੰ ਇਸ ਮੁਹਿੰਮ ਦਾ ਖੁੱਲ੍ਹ ਕੇ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸਮਾਜ ਵਿਰੋਧੀ ਅਜਿਹੇ ਅਨਸਰਾਂ ਸਬੰਧੀ ਬਿਨ੍ਹਾਂ ਕਿਸੇ ਦੇਰੀ ਦੇ ਸਾਹਮਣੇ ਆ ਕੇ ਸ਼ਿਕਾਇਤ ਕਰਨ ਅਤੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਖੇਡਾਂ, ਸਰੀਰਕ ਗਤੀਵਿਧੀਆਂ,ਸੱਭਿਆਚਾਰ ਆਦਿ ਨਾਲ ਜੋੜਿਆ ਜਾਵੇ ਤਾਂ ਜੋ ਇਸ ਸਮਾਜਿਕ ਬੁਰਾਈ ਤੋਂ ਦੂਰ ਰਹਿ ਕਿ ਉਹ ਆਪਣਾ ਜੀਵਨ ਤੰਦਰੁਸਤ ਜਿਉਣ।
ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾਖੋਰੀ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦੇ ਸਹੀ ਇਲਾਜ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਲਾਹੇਵੰਦ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਜ ਦੇ ਨਾਲ ਨਾਲ ਉਨ੍ਹਾਂ ਨੂੰ ਰੋਜਗਾਰ ਦੇ ਮੌਕੇ ਦਵਾਉਣ ਲਈ ਜਾਂ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵੀ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫਤ ਸਿਖਲਾਈ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਸ. ਲਾਲਦੀਪ ਸਿੰਘ ਭੁੱਲਰ ਨੇ ਕਿਹਾ ਕਿ ਜਿੰਨ੍ਹਾ ਲੋਕਾਂ ਨੇ ਨਸ਼ਾ ਵੇਚ ਕੇ ਗੈਰ ਕਾਨੂੰਨੀ ਤਰੀਕੇ ਨਾਲ ਘਰ ਜਾਂ ਹੋਰ ਜਾਇਦਾਦ ਬਣਾਈ ਹੈ, ਉਨ੍ਹਾਂ ਦੇ ਘਰ ਢਾਹੇ ਜਾਣਗੇ ਅਤੇ ਉਨ੍ਹਾਂ ਤੇ ਐਫ.ਆਰ.ਆਈ ਤੋਂ ਬਿਨਾਂ ਉਨ੍ਹਾਂ ਦੀ ਬਾਕੀ ਜਾਇਦਾਦ ਵੀ ਕਾਨੂੰਨ ਅਨੁਸਾਰ ਜਬਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਪੁਲਿਸ ਅਫਸਰ ਜਾਂ ਮੁਲਾਜਮ ਵੀ ਇਨ੍ਹਾਂ ਨਸ਼ਾ ਤਸਕਰਾਂ ਦੀ ਮਦਦ ਕਰਨਗੇ ਜਾਂ ਉਨ੍ਹਾਂ ਨੂੰ ਪਨਾਹ ਦੇਣਗੇ, ਉਨ੍ਹਾਂ ਤੇ ਵੀ ਵੱਡਾ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਅਹਿਦ ਲਿਆ ਸੀ, ਉਹ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦਾ ਸਾਥ ਦੇਣ ਵਾਲੇ ਲੋਕਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਇਸ ਸਬੰਧੀ ਪਿੰਡਾਂ ਦੀਆਂ ਪੰਚਾਇਤਾਂ ਮਤੇ ਵੀ ਪਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਮਾਜਿਕ ਲਹਿਰ ਉਸਾਰਨ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਦੁਹਰਾਇਆ ਕਿ ਜਦੋਂ ਤੱਕ ਨਸ਼ੇ ਦੇ ਤਸਕਰਾਂ ਤੇ ਨਸ਼ਿਆਂ ਨੂੰ ਰਾਜ ਵਿੱਚੋਂ ਖਤਮ ਨਹੀਂ ਕੀਤਾ ਜਾਂਦਾ ਪੰਜਾਬ ਸਰਕਾਰ ਚੈਨ ਨਾਲ ਨਹੀਂ ਬੈਠੇਗੀ।
ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਵਿਸ਼ਵਾਸ਼ ਦਵਾਇਆ ਕਿ ਜਿਲ੍ਹਾ ਫਰੀਦਕੋਟ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ਬਣਾ ਕੇ ਨਸ਼ਾ ਤਸਕਰਾਂ ਖਿਲਾਫ ਜੰਗ ਨੂੰ ਅੰਤਿਮ ਅੰਜਾਮ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲੋਕ ਲਹਿਰ ਵਿੱਚ ਵਿਦਿਅਕ ਸੰਸਥਾਵਾਂ, ਸਮਾਜ ਸੈਵੀ ਸੰਗਠਨਾਂ ਅਤੇ ਆਮ ਲੋਕਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ ਅਤੇ ਹੇਠਲੇ ਪੱਧਰ ਤੱਕ ਪ੍ਰਚਾਰ ਕਰਕੇ ਇਸ ਸਮਾਜਿਕ ਅਲਾਮਤ ਨੂੰ ਦੂਰ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਿਲ੍ਹੇ ਵਿੱਚ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਖ ਵੱਖ ਵਿਭਾਗਾਂ ਦੁਆਰਾ ਕੀਤੇ ਜਾ ਰਹੇ ਉਪਰਾਲਿਆ ਦੀ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਇਸ ਲਹਿਰ ਨੂੰ ਗਲੀਆਂ,ਮੁਹੱਲਿਆ, ਪਿੰਡ ਪੱਧਰ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੀ ਪੂਰੀ ਤਰ੍ਹਾਂ ਫੈਲਾਇਆ ਜਾਵੇਗਾ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਡੀ.ਆਈ.ਜੀ. ਅਸ਼ਵਨੀ ਕਪੂਰ ਅਤੇ ਐਸ.ਐਸ.ਪੀ. ਡਾ. ਪ੍ਰਗਿੱਆ ਜੈਨ ਵੱਲੋਂ ਮੰਤਰੀ ਜੀ ਨੂੰ ਫਰੀਦਕੋਟ ਪੁਲਿਸ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ 55 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜਿਸ ਵਿੱਚ ਹੈਰੋਇਨ, ਅਫੀਮ, ਨਸ਼ੀਲੀਆਂ ਗੋਲੀਆਂ ਆਦਿ ਬਰਾਮਦ ਕੀਤੀਆਂ ਗਈਆ ਹਨ।
ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਜੀ.ਏ ਤੁਸ਼ਿਤਾ ਗੁਲਾਟੀ, ਸਿਵਲ ਸਰਜਨ ਡਾ. ਚੰਦਰ ਸ਼ੇਖਰ,ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਅਮਨਦੀਪ ਸਿੰਘ ਸੰਧੂ ਨੁੰਮਾਇਦਾ ਸਪੀਕਰ ਸ. ਸੰਧਵਾਂ, ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸੁਖਵੰਤ ਸਿੰਘ ਪੱਕਾ, ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਗੁਰਤੇਜ ਸਿੰਘ ਖੋਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਨੁਮਾਇੰਦੇ, ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।