ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਭਗਵੰਤ ਮਾਨ ਦੀ ਅਗਵਾਈ ਹੇਠ ਜਿੱਥੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਤਾਂ ਉੱਥੇ ਹੀ ਸੂਬਾ ਸਰਕਾਰ ਖਿਡਾਰੀਆਂ ਨੂੰ ਲੈ ਕੇ ਵੀ ਗੰਭੀਰ ਦਿਖਾਈ ਦੇ ਰਹੀ ਹੈ। ਦਰਅਸਲ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਸੰਸਦ ਵਿੱਚ ਸੂਬੇ ਦੇ ਉਭਰਦੇ ਖਿਡਾਰੀਆਂ ਲਈ ਬਿਹਤਰ ਸਹੂਲਤਾਂ ਦਾ ਮੁੱਦਾ ਚੁੱਕਿਆ। ਇਸ ਦੌਰਾਨ ਸੰਸਦ ਮੈਂਬਰ ਨੇ ਭਾਰਤ ਦੇ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕੋਈ ਸ਼ੱਕ ਨਹੀਂ ਹੈ ਕਿ ਇਹ ਖਿਡਾਰੀ ਸਾਡੇ ਦੇਸ਼ ਦਾ ਨਾਮ ਰੌਸ਼ਨ ਕਰਨਗੇ ਪਰ ਹੁਣ ਸਮਾਂ ਹੈ ਕਿ ਅਸੀਂ ਆਪਣੇ ਨੌਜਵਾਨ ਖਿਡਾਰੀਆਂ ਨੂੰ ਆਪਣੇ ਦੇਸ਼ ਦੀ ਪ੍ਰਤੀਨਿਧਤਾ ਕਰਨ ਲਈ ਪ੍ਰਦਾਨ ਕੀਤੀਆਂ ਉੱਚ ਪੱਧਰ ਦੀ ਸਹੂਲਤਾਂ ਅਤੇ ਮੌਕੇ ਦੇਣ ‘ਤੇ ਵਿਚਾਰ ਕਰੀਏ।
ਦਰਅਸਲ ਕੰਗ ਨੇ ਸੰਸਦ ਵਿੱਚ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਦਿੱਤਾ ਉੱਚਤਮ ਸਨਮਾਨ ਸੂਬੇ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲੋ ਪ੍ਰੇਰਿਤ ਕਰੇਗਾ। ਇਸ ਦੇ ਨਾਲ ਹੀ ਕੰਗ ਨੇ ਢੁਕਵੇਂ ਬੁਨਿਆਦੀ ਢਾਂਚੇ ਦੀ ਘਾਟ ਅਤੇ ਛੋਟੇ ਬੱਚਿਆਂ ਨੂੰ ਖੇਡਾਂ ਵੱਲ ਵਧਣ ਦੇ ਮੌਕਿਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਾਡੇ ਦੇਸ਼ ਵਿੱਚ ਪ੍ਰਤਿਭਾ ਦੀ ਕਮੀ ਨਹੀਂ ਹੈ, ਪਰ ਸਾਡੇ ਕੋਲ ਛੋਟੀ ਉਮਰ ਤੋਂ ਹੀ ਆਪਣੇ ਖਿਡਾਰੀਆਂ ਦੀ ਮਦਦ ਲਈ ਕੋਈ ਪ੍ਰਣਾਲੀ ਨਹੀਂ ਹੈ। ਕੰਗ ਨੇ ਖੇਡ ਮੰਤਰੀ ਨੂੰ ਕਿਹਾ ਕਿ ਸੂਬੇ ਦੇ ਉਭਰਦੇ ਖਿਡਾਰੀਆਂ ਲਈ ਕੋਈ ਇੱਕ ਪ੍ਰਣਾਲੀ ਤਿਆਰ ਕੀਤੀ ਜਾਵੇ ਤਾਂ ਜੋ ਉਹ ਸਾਡੇ ਦੇਸ਼ ਲਈ ਤਗਮੇ ਅਤੇ ਟਰਾਫੀਆਂ ਜਿੱਤ ਸਕਣ।