ਹੁਸ਼ਿਆਰਪੁਰ ਭਾਰਤ-ਪਾਕਿ ਵਿਚਾਲੇ ਤਣਾਅਪੂਰਨ ਮਾਹੌਲ ਦੌਰਾਨ ਮੌਜੂਦਾ ਹਾਲਾਤ ਨੂੰ ਵੇਖਦਿਆਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਅਗਲੇ ਹੁਕਮਾਂ ਤੱਕ ਡਰੋਨ ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਸੀਨੀਅਰ ਪੁਲਸ ਕਪਤਾਨ, ਹੁਸ਼ਿਆਰਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਇਹ ਹੁਕਮ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ। ਇਹ ਹੁਕਮ ਲਾਅ ਇੰਨਫੋਰਮੈਂਟ ਏਜੰਸੀ ਜਿਵੇਂ ਕਿ ਪੁਲਸ, ਪੈਰਾ ਮਿਲਟਰੀ, ਏਅਰ ਫੋਰਸ ਅਤੇ ਹੋਰ ਸੁਰੱਖਿਆ ਏਜੰਸੀਆਂ ‘ਤੇ ਲਾਗੂ ਨਹੀਂ ਹੋਵੇਗਾ।