Wednesday, August 27, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਤਾਮਿਲਨਾਡੂ ਸਰਕਾਰ ਦੀ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਸਮਾਰੋਹ ਵਿੱਚ ਮੁੱਖ...

ਤਾਮਿਲਨਾਡੂ ਸਰਕਾਰ ਦੀ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਚੇਨਈ ਪਹੁੰਚੇ ਮੁੱਖ ਮੰਤਰੀ

ਚੇਨਈ, 25 ਅਗਸਤ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਭਲਾਈ ਅਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕ ਹਿੱਤ ਨਾਲ ਜੁੜੇ ਇਨ੍ਹਾਂ ਖੇਤਰਾਂ ਸਭ ਤੋਂ ਵੱਧ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਰਜੀਹੀ ਖੇਤਰਾਂ ਨੂੰ ਭਾਰਤ ਦੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਆਮ ਆਦਮੀ ਪਾਰਟੀ (ਆਪ) ਨੂੰ ਜਾਂਦਾ ਹੈ, ਜਿਨ੍ਹਾਂ ਨੂੰ ਪਹਿਲਾਂ ਅਣਗੌਲਿਆ ਕੀਤਾ ਜਾਂਦਾ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਲੋਕਾਂ ਦੀ ਭਲਾਈ ਵਾਸਤੇ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਤਾਮਿਲਨਾਡੂ ਸਰਕਾਰ ਵੱਲੋਂ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਲਈ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਦੇਸ਼ ਭਰ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਮਹੱਤਵਪੂਰਨ ਪਹਿਲਕਦਮੀਆਂ ਤੋਂ ਸਿੱਖਣ ਅਤੇ ਉਨ੍ਹਾਂ ਨੂੰ ਅਪਨਾਉਣ ਲਈ ਹਮੇਸ਼ਾ ਤਿਆਰ ਰਹਿੰਦੀ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਤਾਮਿਲਨਾਡੂ ਅਤੇ ਪੰਜਾਬ ਵਿਚਕਾਰ ਇੱਕ ਮਜ਼ਬੂਤ ਰਿਸ਼ਤਾ ਹੈ ਅਤੇ ਦੋਵੇਂ ਰਾਜਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਇਤਿਹਾਸ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਨੇਕਤਾ ਵਿੱਚ ਏਕਤਾ, ਭਾਰਤ ਦੀ ਨੀਂਹ ਹੈ, ਜਿੱਥੇ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਆਪਸੀ ਮੇਲ-ਜੋਲ ਦੀਆਂ ਭਾਵਨਾਵਾਂ ਡੂੰਘੀਆਂ ਸਮਾਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵੰਨ-ਸੁਵੰਨੇ ਫੁੱਲਾਂ ਦਾ ਗੁਲਦਸਤਾ ਸੁੰਦਰ ਦਿਖਾਈ ਦਿੰਦਾ ਹੈ ਅਤੇ ਹਰ ਇੱਕ ਦਾ ਧਿਆਨ ਆਕਸ਼ਿਤ ਕਰਦਾ ਹੈ, ਉਸੇ ਤਰ੍ਹਾਂ ਵੱਖ ਵੱਖ ਸੱਭਿਆਚਾਰ, ਪਰੰਪਰਾਵਾਂ ਅਤੇ ਏਕਤਾ ਨਾਲ ਲਬਰੇਜ ਦੇਸ਼ ਏਕਤਾ ਅਤੇ ਤਾਕਤ ਦਾ ਸੋਮਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਇਤਿਹਾਸਕ ਦੌਰਾ ਤਾਮਿਲਨਾਡੂ ਅਤੇ ਪੰਜਾਬ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਦੋਵਾਂ ਸੂਬਿਆਂ  ਲਈ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਰਾਹ ਖੋਲ੍ਹੇਗਾ।