ਦਿੱਲੀ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਵਿੱਚ ਬੰਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਦਰਅਸਲ ਦੇਸ਼ ਦੀ ਸਰਵਉੱਚ ਅਦਾਲਤ ਨੇ ਉਨ੍ਹਾਂ ਨੂੰ 10 ਲੱਖ ਰੁਪਏ ਦੇ ਨਿੱਜੀ ਮੁਚੱਲਕੇ ’ਤੇ ਜ਼ਮਾਨਤ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਅੱਜ ਸ਼ਾਮ ਤੱਕ ਸਿਸੋਦੀਆ ਜ਼ੇਲ੍ਹ ਤੋਂ ਰਿਹਾਅ ਹੋ ਜਾਣਗੇ। ਸਿਸੋਦੀਆ ਦੀ ਜ਼ਮਾਨਤ ਤੇ ਆਪ ਆਗੂਆਂ ਵੱਲੋਂ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਨੀਸ਼ ਸਿਸੋਦੀਆ ਨੂੰ ਜਮਾਨਤ ਮਿਲਣ ਤੋਂ ਬਾਅਦ ਆਪਣੇ ‘ਐਕਸ’ ਅਕਾਊਂਟ ‘ਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸੀਐੱਮ ਮਾਨ ਨੇ ਕੋਰਟ ਦੇ ਫੈਸਲੇ ਅਤੇ ਸਿਸੋਦੀਆ ਨੂੰ ਜ਼ਮਾਨਤ ਨੂੰ ਸੱਚਾਈ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ (ਮਨੀਸ਼ ਸਿਸੋਦੀਆ) ਨੂੰ ਲਗਭਗ 17 ਮਹੀਨਿਆਂ ਬਾਅਦ ਜ਼ਮਾਨਤ ਮਿਲੀ ਹੈ ਅਤੇ ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਝੂਠੇ ਕੇਸ ਤੋਂ ਬਾਹਰ ਆਏ ਹਨ। ਭਾਰਤੀ ਜਨਤਾ ਪਾਰਟੀ ਲਗਾਤਾਰ ਵਿਰੋਧੀ ਪਾਰਟੀਆਂ ‘ਤੇ ਝੂਠੇ ਕੇਸ ਦਰਜ ਕਰਕੇ ਜਾਂਚ ਨੂੰ ਜਾਣਬੁੱਝ ਕੇ ਲੰਮਾ ਖਿੱਚ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਦਿੱਲੀ ਸਰਕਾਰ ਦੀਆਂ ਉਪਲੱਬਧੀਆਂ ਗਿਣਵਾਉਦੇ ਹੋਏ ਮਨੀਸ਼ ਸਿਸੋਦੀਆਂ ਦੇ ਕਾਰਜਕਾਲ ਦੌਰਾਨ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਦੇਸ਼ ਵਿੱਚ ਇਸ ਗੱਲ ਲਈ ਜਾਣੇ ਜਾਂਦੇ ਹਨ ਕਿ ਉਨ੍ਹਾਂ ਨੇ ਬੱਚਿਆਂ ਲਈ ਚੰਗੀ ਸਿੱਖਿਆ ਅਤੇ ਚੰਗੇ ਸਕੂਲ ਬਣਾਏ ਹਨ। ਉਹ ਸਕੂਲ ਆਫ ਐਮੀਨੈਂਸ ਦਾ ਕੰਨਸੈਪਟ ਲੈ ਕੇ ਆਏ ਅਤੇ ਅਧਿਆਪਕਾਂ ਨੂੰ ਚੰਗੀ ਸਿਖਲਾਈ ਲਈ ਵਿਦੇਸ਼ਾਂ ਭੇਜਿਆ, ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ, ਜਿਨ੍ਹਾਂ ਬੱਚਿਆਂ ਨੂੰ ਮਨੀਸ਼ ਸਿਸੋਦੀਆ ਨੇ ਚੰਗੀ ਸਿੱਖਿਆ ਦਿੱਤੀ, ਉਹ ਅੱਜ ਚੰਗੇ ਅਹੁਦਿਆਂ ‘ਤੇ ਹਨ। ਅੰਤ ਵਿੱਚ ਹਰਪਾਲ ਸਿੰਘ ਚੀਮਾ ਨੇ ਮਨੀਸ਼ ਸਿਸੋਦੀਆ ਅਤੇ ਪਾਰਟੀ ਵਲੰਟੀਅਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖੁਸ਼ੀ ਦਾ ਦਿਨ ਹੈ।