ਹਰਿਆਣਾ: ਅੱਜ ਦੇ ਸਮੇਂ ਵਿਚ ਖੂਨੀ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਲੋਕ ਰੋਜ਼ਾਨਾ ਹੀ ਕਿਸੇ ਨਾ ਕਿਸੇ ਦਾ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੰਦੇ ਹਨ। ਅੱਜ ਅਜਿਹੀ ਹੀ ਇਕ ਘਟਨਾ ਹਰਿਆਣਾ ਦੇ ਹਿਸਾਰ ਵਿਚ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ ਨੂੰ ਸੁਣ ਕੇ ਇਲਾਕੇ ਦੇ ਲੋਕ ਸੁੰਨ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਹਿਸਾਰ ਦੇ ਇਕ ਨਿੱਜੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਕੂਲ ਦੇ ਹੀ 2 ਵਿਦਿਆਰਥੀਆਂ ਵਲੋਂ ਸਕੂਲ ਦੇ ਪ੍ਰਿੰਸੀਪਲ ਦੇ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਦੱਸ ਦੇਈਏ ਕਿ ਅੱਜ ਗੁਰੂ ਪੂਰਨਿਮਾ ਦਾ ਦਿਨ ਹੈ ਅਤੇ ਅੱਜ ਦੇ ਹੀ ਦਿਨ ਬੱਚਿਆਂ ਨੂੰ ਸਿੱਖਿਆ ਦੇਣ ਵਾਲੇ ਗੁਰੂ ਦਾ ਉਹਨਾਂ ਦੇ ਹੀ ਵਿਦਿਆਰਥੀਆਂ ਵਲੋਂ ਕਤਲ ਕਰ ਦਿੱਤਾ ਗਿਆ ਹੈ। ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵੇਂ ਵਿਦਿਆਰਥੀ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਲੱਗਣ ‘ਤੇ ਗੰਭੀਰ ਰੂਪ ਵਿਚ ਜ਼ਖ਼ਮੀ ਪ੍ਰਿੰਸੀਪਲ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।