ਜਲੰਧਰ – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਡੀ. ਸੀ. ਹਿਮਾਂਸ਼ੂ ਅਗਰਵਾਲ ਅਤੇ ਹੋਰ ਅਧਿਕਾਰੀਆਂ ਨੇ ਨਸ਼ਿਆਂ ਵਿਰੁੱਧ ਮੀਟਿੰਗ ਕੀਤੀ। ਡੀ. ਸੀ. ਦਫ਼ਤਰ ਵਿਖੇ ਅਮਨ ਅਰੋੜਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਅਮਨ ਅਰੋੜਾ ਨੇ ਤਸਕਰਾਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜਾਂ ਤਾਂ ਨਸ਼ੇ ਛੱਡ ਦੇਣ ਜਾਂ ਪੰਜਾਬ ਛੱਡ ਦੇਣ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਪਿਛਲੇ 5 ਦਿਨਾਂ ਵਿੱਚ ਬਹੁਤ ਸਾਰੇ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਏ ਗਏ ਹਨ। ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਕਈ ਤਸਕਰਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਗਈ ਅਤੇ ਕਈ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੁੱਦੇ ‘ਤੇ ਹੋਈ ਮੀਟਿੰਗ ਵਿੱਚ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ ਗਿਆ। ਇਸ ਦੌਰਾਨ ਤਸਕਰਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਜਾਂ ਤਾਂ ਨਸ਼ੇ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਇਸ ਮੁਹਿੰਮ ਤਹਿਤ ਬਹੁਤ ਸਾਰੇ ਨਸ਼ੇੜੀਆਂ ਨੂੰ ਉਨ੍ਹਾਂ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ ਅਤੇ ਉੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਅਮਨ ਅਰੋੜਾ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਇਸ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕੀਤੀ।