ਫਗਵਾੜਾ –ਫਗਵਾੜਾ ਦੇ ਪਿੰਡ ਭਬਿਆਣਾਂ ਵਿਖੇ ਉਸ ਵੇਲੇ ਭਾਰੀ ਦਹਿਸ਼ਤ ਫੈਲ ਗਈ, ਜਦੋਂ 2 ਮੋਟਰਸਾਈਕਲਾਂ ’ਤੇ ਆਏ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਨਕਾਬਪੋਸ਼ ਹਥਿਆਰਬੰਦ ਹਮਲਾਵਰਾਂ ਨੇ ਪਿੰਡ ਦੇ ਇਕ ਧਾਰਮਿਕ ਅਸਥਾਨ ਨੇੜੇ ਬੈਠੇ ਬੇਕਸੂਰ ਨਿਹੱਥੇ ਪਿੰਡ ਵਾਸੀਆਂ ’ਤੇ ਅੰਨ੍ਹੇਵਾਹ ਗੋਲ਼ੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਅਨੁਸਾਰ ਗੋਲ਼ੀਆਂ ਲੱਗਣ ਨਾਲ 3 ਪਿੰਡ ਵਾਸੀ ਜ਼ਖ਼ਮੀ ਹੋ ਗਏ ਹਨ, ਜਦਕਿ ਇਕ ਹੋਰ ਪਿੰਡ ਵਾਸੀ ਨੂੰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਦੇ ਵਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਫ਼ਿਲਮੀ ਅੰਦਾਜ਼ ’ਚ ਵਾਪਰੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਆਪਣੇ ਮੋਟਰਸਾਈਕਲਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ ਹਨ।
ਮੌਕੇ ’ਤੇ ਮੌਜੂਦ ਕੁਝ ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਭਾਈਚਾਰਕ ਸਾਂਝ ਤਹਿਤ ਪੰਚਾਇਤੀ ਚੋਣਾਂ ਬਾਰੇ ਆਪਸ ’ਚ ਵਿਚਾਰ-ਵਟਾਂਦਰਾ ਕਰ ਰਹੇ ਸਨ। ਇਸੇ ਦੌਰਾਨ 2 ਮੋਟਰਸਾਈਕਲਾਂ ’ਤੇ ਸਵਾਰ ਅੱਧਾ ਦਰਜਨ ਦੇ ਕਰੀਬ ਹਮਲਾਵਰਾਂ ਨੇ ਵੇਖਦਿਆਂ ਹੀ ਵੇਖਦਿਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ‘ਐੱਸ. ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਪਿੰਡ ਦੇ ਰਹਿਣ ਵਾਲੇ 3 ਵਿਅਕਤੀ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਏ ਹਨ, ਜਦਕਿ ਇਕ ਹੋਰ ਵਿਅਕਤੀ ’ਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਹੈ।