ਨਵੀਂ ਦਿੱਲੀ/ਬਠਿੰਡਾ- ਉੱਚ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਹੇਠ ਮਾਣਯੋਗ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਮੰਗਲਵਾਰ, 29 ਜੁਲਾਈ 2025 ਨੂੰ ਆਨਲਾਈਨ ਮਾਧਿਅਮ ਰਾਹੀ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵਿਖੇ 7200.99 ਕਰੋੜ ਦੀ ਲਾਗਤ ਨਾਲ ਵਿਕਸਤ ਕੀਤੇ ਜਾਣ ਵਾਲੇ ਵੱਖ-ਵੱਖ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਹ ਸਮਾਗਮ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੀ ਇੱਕ ਦੇਸ਼ ਵਿਆਪੀ ਮੁਹਿੰਮ ਦਾ ਹਿੱਸਾ ਸੀ।
ਆਨਲਾਈਨ ਨੀਂਹ ਪੱਥਰ ਰੱਖਣ ਦੀ ਰਸਮ ਨਵੀਂ ਦਿੱਲੀ ਵਿੱਚ ਆਯੋਜਿਤ ਆਲ ਇੰਡੀਆ ਐਜੂਕੇਸ਼ਨ ਕਨਕਲੇਵ 2025 (ਏ.ਬੀ.ਐੱਸ.ਐੱਸ.-2025) ਦੌਰਾਨ ਹੋਈ, ਜੋ ਕਿ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) 2020 ਦੀ ਪੰਜਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਆਯੋਜਿਤ ਕੀਤੀ ਗਈ ਸੀ। ਇਸ ਮੌਕੇ ਮਾਣਯੋਗ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਜਯੰਤ ਚੌਧਰੀ (ਕੇਂਦਰੀ ਰਾਜ ਮੰਤਰੀ, ਸਿੱਖਿਆ ਅਤੇ ਕੌਸ਼ਲ ਵਿਕਾਸ) ਅਤੇ ਡਾ. ਸੁਕਾਂਤ ਮਜੂਮਦਾਰ (ਕੇਂਦਰੀ ਰਾਜ ਮੰਤਰੀ, ਸਿੱਖਿਆ) ਦੀ ਹਾਜ਼ਰੀ ਵਿੱਚ ਨਵੇਂ ਬੁਨਿਆਦੀ ਢਾਂਚਾ ਨਿਰਮਾਣ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮਹੱਤਵਪੂਰਨ ਸਮਾਰੋਹ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਦਿੱਲੀ ਵਿੱਚ ਹੋਏ ਰਾਸ਼ਟਰੀ ਸਮਾਗਮ ਵਿੱਚ ਸੀਯੂ ਪੰਜਾਬ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।
ਇਸ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਸਥਿਤ ਸੀਯੂ ਪੰਜਾਬ ਦੇ ਮੁੱਖ ਕੈਂਪਸ ਵਿੱਚ ਇੱਕ ਸਮਾਨਾਂਤਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿੱਥੇ ਯੂਨੀਵਰਸਿਟੀ ਦੇ ਪ੍ਰੋ. ਵਾਈਸ-ਚਾਂਸਲਰ ਪ੍ਰੋ. ਕਿਰਨ ਹਜ਼ਾਰਿਕਾ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਨੀਂਹ ਪੱਥਰ ਸਮਾਰੋਹ ਦੇ ਲਾਈਵ ਆਨਲਾਈਨ ਪ੍ਰਸਾਰਣ ਵਿੱਚ ਭਾਗ ਲਿਆ।