ਅੰਮ੍ਰਿਤਸਰ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉੱਥੇ ਹੀ ਗੁਰੂ ਘਰ ਵਿਖੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਇਸ ਉਪਰੰਤ ਸੂਚਨਾ ਕੇਂਦਰ ਵਿਖੇ ਐੱਸ.ਜੀ.ਪੀ.ਸੀ. ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ 50 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ ਅਤੇ ਇੱਥੇ ਆ ਕੇ ਮਨ ਨੂੰ ਬੜੀ ਸ਼ਾਂਤੀ ਮਿਲਦੀ ਹੈ, ਉਨ੍ਹਾਂ ਕਿਹਾ ਕਿ ਅੱਜ ਪਰਮਾਤਮਾ ਦੇ ਇਸ ਘਰ ਵਿਚ ਅਰਦਾਸ ਕਰਕੇ ਆਸ਼ੀਰਵਾਦ ਲਿਆ ਹੈ ਕਿ ਅਸੀਂ ਹੋਰ ਮਿਹਨਤ ਕਰਕੇ ਦੇਸ਼ ਨੂੰ ਅੱਗੇ ਵਧਾਈਏ ਤੇ ਅਰਦਾਸ ਕਰਦੇ ਹਾਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਮਰ ਹੋਰ ਲੰਬੀ ਹੋਵੇ। ਉਹ ਦੇਸ਼ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਣ ਤੇ ਪੰਜਾਬ ‘ਚ ਵੱਧ ਤੋਂ ਵੱਧ ਵਿਕਾਸ ਕਰਵਾਉਣ। ਇਸ ਦੇ ਨਾਲ ਹੀ ਜਦੋਂ ਪੱਤਰਕਾਰਾਂ ਵੱਲੋਂ ਕਿਸਾਨਾਂ ਦੇ ਮੁੱਦੇ ‘ਤੇ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਚੁੱਪੀ ਧਾਰ ਲਈ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਏ ਹਨ ਇਸ ਤੋਂ ਇਲਾਵਾ ਕੋਈ ਵੀ ਗੱਲਬਾਤ ਨਹੀਂ ਕਰਨਗੇ।