ਚੰਡੀਗੜ੍ਹ : ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਭਰ ’ਚ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਹੜ੍ਹਾਂ ਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਭਰ ’ਚ ਚੱਲ ਰਹੇ ਯਤਨਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਮੌਜੂਦਾ ਹੜ੍ਹ ਕੰਟਰੋਲ ਉਪਾਵਾਂ ਦੀ ਸਥਿਤੀ ਅਤੇ ਸੰਭਾਵੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੂੰ ਹੜ੍ਹ ਸੁਰੱਖਿਆ ਉਪਾਵਾਂ ਤੇ ਸੰਵੇਦਨਸ਼ੀਲ ਖੇਤਰਾਂ ਲਈ ਵਿਸਥਾਰਤ ਤਿਆਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਸੇ ਵੀ ਸੰਭਾਵੀ ਸਥਿਤੀ ਨਾਲ ਸਮੇਂ ਸਿਰ ਨਜਿੱਠਣ ਲਈ ਖ਼ਾਸ ਕਰਕੇ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਖ਼ਤ ਚੌਕਸੀ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੰਟਰੋਲ ਰੂਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਰੱਖਣ ਤੇ ਅਤਿ-ਸੰਵੇਦਨਸ਼ੀਲ ਖੇਤਰਾਂ ’ਚ ਲੋੜੀਂਦੀ ਮਸ਼ੀਨਰੀ ਅਤੇ ਸਮੱਗਰੀ ਨਾਲ ਐਮਰਜੈਂਸੀ ਟੀਮਾਂ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਵੀ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।