ਮੋਗਾ -ਪਿਛਲੇ ਲੰਮੇਂ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਲੋਕਤੰਤਰ ਦਾ ਧੁਰਾ ਮੰਨੀਆਂ ਜਾਂਦੀਆਂ ਪੰਚਾਇਤੀ ਚੋਣਾਂ ਲਈ ਆਖਿਰਕਾਰ ਪੰਜਾਬ ਸਰਕਾਰ ਨੇ ਹੁਣ ਉਡੀਕ ਮੁਕਾ ਦਿੱਤੀ ਹੈ, ਕਿਉਂਕਿ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਹੋ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਕੁਝ ਸਮਾਂ ਪਹਿਲਾਂ ਹੀ ਪੇਂਡੂ ਪੰਚਾਇਤ ਵਿਭਾਗ ਰਾਹੀਂ ਪੰਚਾਇਤ ਚੋਣਾਂ ਕਰਵਾਉਣ ਲਈ ਰਾਖਵੇਂਕਰਨ ਅਤੇ ਵਾਰਡਬੰਦੀ ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਸਨ, ਜਿਸ ਤਹਿਤ ਪੇਂਡੂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਕੰਮ ਨੂੰ ਮੁਕੰਮਲ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਰਾਜ ਐਕਟ 1994 ਵਿਚ ਸੋਧ ਕਰ ਕੇ ਸਰਪੰਚਾਂ ਅਤੇ ਪੰਚਾਂ ਦੀ ਤਰ੍ਹਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਕਰਵਾਉਣ ਲਈ ਵਿਉਂਤਬੰਦੀ ਕਰ ਲਈ ਹੈ ਅਤੇ ਜਲਦੀ ਹੀ ਇਹ ਮਤਾ ਕੈਬਨਿਟ ਵਿਚ ਲਿਆ ਕੇ ਪਾਸ ਕੀਤਾ ਜਾ ਸਕਦਾ ਹੈ।